- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਪੰਜਾਬ ਰੈੱਡ ਕਰਾਸ ਸੋਸਾਇਟੀ ਵਿਚਕਾਰ ਸਮਝੌਤਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ ਪੰਜਾਬ ਸਟੇਟ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਸਮਝੌਤਾ ਸਹੀਬੱਧ ਕਰਨ ਅਤੇ ਵਿਦਿਆਰਥੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਸਮਾਗਮ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਅਤੇ ਰਜਿਸਟਰਾਰ ਪ੍ਰੋ. (ਡਾ.) ਤੇਜਬੀਰ ਸਿੰਘ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਪੰਜਾਬ ਸਟੇਟ ਰੈੱਡ ਕਰਾਸ ਦੇ ਮੁੱਖ ਕਾਰਜਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ (ਸੇਵਾਮੁਕਤ ਆਈਏਐਸ) ਨੇ ਸਰੋਤ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਰੈੱਡ ਕਰਾਸ ਤੇ ਰੈੱਡ ਕ੍ਰੀਸੈਂਟ ਲਹਿਰ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦੇ ਕੌਮੀ, ਸੂਬਾਈ ਤੇ ਜ਼ਿਲ੍ਹਾ ਪੱਧਰੀ ਢਾਂਚੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮਨੁੱਖਤਾ ਦੀ ਸੇਵਾ, ਲੋਕ ਸਿਹਤ ਅਤੇ ਆਫ਼ਤ ਪ੍ਰਬੰਧਨ ’ਚ ਰੈੱਡ ਕਰਾਸ ਦੀ ਭੂਮਿਕਾ ’ਤੇ ਚਾਨਣਾ ਪਾਇਆ। ਉਨ੍ਹਾਂ ਰੈੱਡ ਕਰਾਸ ਵੱਲੋਂ ਕਰਵਾਏ ਜਾਂਦੇ 16 ਘੰਟਿਆਂ ਦੇ ਮੁੱਢਲੀ ਸਹਾਇਤਾ ਸਿਖਲਾਈ ਪ੍ਰੋਗਰਾਮ, ਪ੍ਰੀਖਿਆ ਅਤੇ ਪ੍ਰਮਾਣ-ਪੱਤਰ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਸਮਾਜ ਸੇਵਾ ਅਤੇ ਭਲਾਈ ਕਾਰਜਾਂ ’ਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡੀਨ ਫੈਕਲਟੀ ਆਫ਼ ਅਲਾਈਡ ਐਂਡ ਹੈਲਥਕੇਅਰ ਸਾਇੰਸਜ਼ ਡਾ. ਪੰਕਜਪ੍ਰੀਤ ਸਿੰਘ ਅਤੇ ਫਿਜ਼ੀਓਥੈਰੇਪੀ ਵਿਭਾਗ ਦੀ ਮੁਖੀ ਡਾ. ਸੁਪ੍ਰੀਤ ਬਿੰਦਰਾ ਨੇ ਪ੍ਰੋਗਰਾਮ ਦੇ ਪ੍ਰਬੰਧਾਂ ’ਚ ਅਹਿਮ ਯੋਗਦਾਨ ਪਾਇਆ।