- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ-ਭਾਜਪਾ ਗੱਠਜੋੜ ਦੀ ਨੇੜਤਾ ਤੋਂ ‘ਆਪ’ ਤੇ ਕਾਂਗਰਸ ਦੀ ਬੇਚੈਨੀ ਸਾਫ਼ ਝਲਕਣ ਲੱਗੀ : ਐਡਵੋਕੇਟ ਧਾਰਨੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਗੱਠਜੋੜ ਨੂੰ ਪੰਜਾਬ ਦੀ ਸਿਆਸਤ ’ਚ ਅਹਿਮ ਮੋੜ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਇਹ ਸਿਆਸੀ ਸਾਂਝ ਸਿਰਫ਼ ਸਰਕਾਰ ਬਣਾਉਣ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੇ ਹਿੱਤਾਂ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਦੀ ਸਾਂਝੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਵਧ ਰਹੀ ਨੇੜਤਾ ਤੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਬੇਚੈਨੀ ਉਨ੍ਹਾਂ ਦੇ ਆਗੂਆਂ ਦੇ ਬਿਆਨਾਂ ’ਚੋਂ ਸਾਫ਼ ਝਲਕ ਰਹੀ ਹੈ। ਐਡਵੋਕੇਟ ਧਾਰਨੀ ਨੇ ਕਿਹਾ ਕਿ ਪੰਜਾਬ ਇਸ ਸਮੇਂ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ ਅਤੇ ਕਾਨੂੰਨ ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਪਰ ਇਨ੍ਹਾਂ ਮੁੱਦਿਆਂ ’ਤੇ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਨੂੰ ਵਿਰੋਧੀ ਪਾਰਟੀਆਂ ਦੇ ਗੱਠਜੋੜ ਬਾਰੇ ਪ੍ਰੈੱਸ ਕਾਨਫਰੰਸਾਂ ਕਰਨੀਆਂ ਪੈ ਰਹੀਆਂ ਹਨ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ ਅਤੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਦੂਜਿਆਂ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਅਤੇ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਤੇ ਭ੍ਰਿਸ਼ਟਾਚਾਰ ਸਬੰਧੀ ਲੱਗੇ ਦੋਸ਼ਾਂ ਬਾਰੇ ਲੋਕਾਂ ਸਾਹਮਣੇ ਸਪੱਸ਼ਟ ਜਵਾਬ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਆਸੀ ਦਾਅਵਿਆਂ ਦੀ ਬਜਾਏ ਕੰਮ, ਵਿਕਾਸ ਅਤੇ ਜਵਾਬਦੇਹੀ ਚਾਹੁੰਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬੀਆਂ ਦੇ ਸਹਿਯੋਗ ਨਾਲ 2027 ਵਿੱਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ।