ਅਕਾਲੀ ਦਲ ਦੀ 25 ਮਾਰਚ ਦੀ ਰੈਲੀ ਇਤਿਹਾਸਕ ਹੋਵੇਗੀ : ਅਕਾਲੀ ਆਗੂ
ਅਕਾਲੀ ਦਲ ਦੀ 25 ਮਾਰਚ ਦੀ ਰੈਲੀ ਇਤਿਹਾਸਕ ਹੋਵੇਗੀ : ਅਕਾਲੀ ਆਗੂ
Publish Date: Sun, 22 Mar 2026 05:50 PM (IST)
Updated Date: Sun, 22 Mar 2026 05:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ ਤੇ ਸਰਕਲ ਪ੍ਰਧਾਨ ਜਰਨੈਲ ਸਿੰਘ ਮਾਜਰੀ ਨੇ 25 ਮਾਰਚ ਨੂੰ ਹਲਕਾ ਅਮਲੋਹ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਹੋਣ ਵਾਲੀ ਪੰਜਾਬ ਬਚਾਓ ਰੈਲੀ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਹਲਕਾ ਅਮਲੋਹ ਦੀ ਰੈਲੀ ਇਤਿਹਾਸਕ ਹੋਵੇਗੀ ਕਿਉਂਕਿ ਪਿਛਲੇ ਪੰਦਰਾਂ ਦਿਨਾਂ ਤੋਂ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਪਿੰਡ-ਪਿੰਡ ਤੇ ਸ਼ਹਿਰਾਂ ਦੇ ਵਾਰਡਾਂ ’ਚ ਇਸ ਰੈਲੀ ਸਬੰਧੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਹੋਏ ਵੱਡੇ ਇਕੱਠ ਇਸ ਗੱਲ ਦੀ ਗਵਾਹੀ ਭਰਦੇ ਸਨ ਕਿ ਹਲਕਾ ਅਮਲੋਹ ਇਕੱਠ ਪੱਖੋਂ ਪਹਿਲੇ ਸਥਾਨ ’ਤੇ ਆਵੇਗਾ। ਆਗੂਆਂ ਨੇ ਕਿਹਾ ਕਿ ਇਸ ਰੈਲੀ ਦੀ ਕਾਮਯਾਬੀ ਲਈ ਹਰ ਵਰਕਰ ਤੇ ਆਗੂ ਵੱਲੋਂ ਪ੍ਰਚਾਰ ਘਰ-ਘਰ ਤੱਕ ਕੀਤਾ ਗਿਆ ਹੈ ਤਾਂ ਜੋ ਕਾਫ਼ਲਿਆਂ ਦੇ ਰੂਪ ਵਿਚ ਹਲਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋ ਸਕਣ। ਧਾਲੀਵਾਲ ਤੇ ਮਾਜਰੀ ਨੇ ਕਿਹਾ ਕਿ ਇਸ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ,ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ। ਉਨ੍ਹਾਂ ਹਲਕਾ ਵਾਸੀਆਂ ਨੂੰ 25 ਮਾਰਚ ਨੂੰ ਸਵੇਰੇ 10 ਵਜੇ ਅਨਾਜ ਮੰਡੀ ਅਮਲੋਹ ਵਿਖੇ ਵੱਡੀ ਗਿਣਤੀ ਪੁੱਜ ਕੇ ਸੁਖਬੀਰ ਸਿੰਘ ਬਾਦਲ ਦੇ ਵਿਚਾਰ ਸੁਣਨ ਦੀ ਅਪੀਲ ਵੀ ਕੀਤੀ। ਇਸ ਮੌਕੇ ਤੇ ਸੀਨੀਅਰ ਆਗੂ ਭਿੰਦਰ ਸਿੰਘ ਮੰਡੀ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਸਲਾਣਾ ਆਦਿ ਮੌਜੂਦ ਸਨ।