- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਿਤ ਸ਼ਾਹ ਦਾ ਪੰਜਾਬ ਦੌਰਾ ਜਵਾਨੀ ਨੂੰ ਨਸ਼ਾ ਮੁਕਤ ਕਰਨ ਲਈ ਮੀਲ ਪੱਥਰ ਸਾਬਤ ਹੋਵੇਗਾ : ਟੌਹੜਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਨਸਾ ਦੌਰੇ ਦੌਰਾਨ ਉਨ੍ਹਾਂ ਦਾ ਸਵਾਗਤ ਕਰਨ ਉਪਰੰਤ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਕੋ-ਕੋਰਡੀਨੇਟਰ ਅਤੇ ਹਲਕਾ ਇੰਚਾਰਜ ਇੰਜੀਨੀਅਰ ਕੰਵਰਵੀਰ ਸਿੰਘ ਟੌਹੜਾ ਨੇ ਕਿਹਾ ਕਿ ਗ੍ਰਹਿ ਮੰਤਰੀ ਦਾ ਇਹ ਦੌਰਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਮੁਕਤ ਕਰਵਾਉਣ ਲਈ ਉਮੀਦ ਦੀ ਕਿਰਨ ਸਾਬਤ ਹੋਵੇਗਾ, ਜਦਕਿ ਸੂਬੇ ਦੀ ਮੌਜੂਦਾ ‘ਆਪ’ ਸਰਕਾਰ ਨਸ਼ਾ ਮਾਫ਼ੀਆ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਚੁੱਕੀ ਹੈ। ਕੰਵਰਵੀਰ ਸਿੰਘ ਟੌਹੜਾ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਹਮੇਸ਼ਾ ਨਸ਼ਿਆਂ ਤੋਂ ਦੂਰ ਰਹਿ ਕੇ ਨਿਰਮਲ ਜੀਵਨ ਜਿਊਣ ਦਾ ਮਾਰਗ ਦਿਖਾਇਆ ਹੈ, ਪਰ ਬਦਕਿਸਮਤੀ ਨਾਲ ਅੱਜ ਪੰਜਾਬ ਦੀ ਜਵਾਨੀ ਨੂੰ ਨਸ਼ਾ ਮਾਫ਼ੀਆ ਵੱਲੋਂ ਬਰਬਾਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ 3 ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੀ ਸਰਕਾਰ ਦੇ ਰਾਜ ’ਚ ਅੱਜ ਹਰ ਪਿੰਡ ਅਤੇ ਗਲੀ-ਮੁਹੱਲੇ ਵਿੱਚ ਨਸ਼ਾ ਵਿਕ ਰਿਹਾ ਹੈ ਅਤੇ ਸਰਕਾਰ ਦੀ ਕਥਿਤ ਪੁਸ਼ਤਪਨਾਹੀ ਕਾਰਨ ਤਸਕਰਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਮਿਤ ਸ਼ਾਹ ਦੀ ਅਗਵਾਈ ਹੇਠ ਕੋਈ ਵੀ ਨਸ਼ਾ ਤਸਕਰ ਕਾਨੂੰਨ ਦੀ ਗ੍ਰਿਫ਼ਤ ਤੋਂ ਬਚ ਨਹੀਂ ਸਕੇਗਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸੂਬਾ ਸਰਕਾਰ ਨੇ ਨਸ਼ਾ ਮਾਫ਼ੀਆ ਖ਼ਿਲਾਫ਼ ਲੜਨ ਵਾਲੇ ਸ਼ਹੀਦ ਨੌਜਵਾਨਾਂ ਦੇ ਪਰਿਵਾਰਾਂ ਦੀ ਸਾਰ ਤੱਕ ਨਹੀਂ ਲਈ, ਜਦਕਿ ਕੇਂਦਰ ਸਰਕਾਰ ਪੀੜਤਾਂ ਨੂੰ ਇਨਸਾਫ਼ ਦਿਵਾਏਗੀ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਸੂਬੇ ਦੇ ਸੁਨਹਿਰੀ ਭਵਿੱਖ ਲਈ ਕੇਂਦਰ ਸਰਕਾਰ ਦੇ ਇਸ ਉਪਰਾਲੇ ਦਾ ਸਾਥ ਦੇਣ ਦਾ ਸੱਦਾ ਦਿੱਤਾ।