ਸੰਤ ਸੰਤੋਖ ਸਿੰਘ ਜੋਤੀ ਸਰੂਪ ਵਾਲਿਆਂ ਦੀ ਸਾਲਾਨਾ ਬਰਸੀ ਮਨਾਈ
ਸੰਤ ਬਾਬਾ ਸੰਤੋਖ ਸਿੰਘ ਜੋਤੀ ਸਰੂਪ ਵਾਲਿਆਂ ਦੀ ਸਲਾਨਾ ਬਰਸੀ ਸ਼ਰਧਾ ਨਾਲ ਮਨਾਈ
Publish Date: Sun, 22 Feb 2026 05:44 PM (IST)
Updated Date: Sun, 22 Feb 2026 05:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਮੰਡੀ ਗੋਬਿੰਦਗੜ੍ਹ ਵਿਖੇ ਬਾਬਾ ਨਿਸ਼ਾਨ ਸਿੰਘ ਵੱਲੋਂ ਧਾਰਮਿਕ ਸਮਾਗਮ ਕਰਵਾ ਕੇ ਸੰਤ ਸੰਤੋਖ ਸਿੰਘ ਜੀ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਸੰਤ ਮਹਾਂਪੁਰਸ਼ਾਂ ਦਾ ਆਸ਼ੀਰਵਾਦ ਲੈਂਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਰਾਜੂ ਖੰਨਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖਤਮ ਕਰਨ ’ਚ ਸਹਾਈ ਸਾਬਤ ਹੁੰਦੇ ਹਨ। ਉਨ੍ਹਾਂ ਬਾਬਾ ਨਿਸ਼ਾਨ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਕਿ ਉਹ ਹਰ ਸਾਲ ਇਹ ਬਰਸੀ ਮਨਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਯਤਨ ਕਰਦੇ ਹਨ ਅਤੇ ਇਸ ਕੰਮ ਲਈ ਵਧਾਈ ਦੇ ਪਾਤਰ ਹਨ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਲੋਕ ਲਹਿਰ ਖੜ੍ਹੀ ਕਰਨ ਅਤੇ ਇਸ ਵਿਚ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਨੂੰ ਪੂਰਾ ਸਾਥ ਦੇਵੇਗਾ। ਸਮਾਗਮ ਵਿਚ ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ, ਬਾਬਾ ਹਰਜੀਤ ਸਿੰਘ ਗੋਬਿੰਦਗੜ੍ਹ ਵਾਲੇ, ਬਾਬਾ ਸਵਰਨ ਸਿੰਘ ਖੰਨੇ ਵਾਲੇ, ਭਾਈ ਜਸਵੰਤ ਸਿੰਘ ਪਟਿਆਲਾ ਵਾਲੇ ਤੇ ਗਿਆਨੀ ਜਸਵਿੰਦਰ ਸਿੰਘ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਜਥੇਦਾਰ ਨਾਜ਼ਰ ਸਿੰਘ ਸੰਤ ਨਗਰ, ਸੀਨੀਅਰ ਆਗੂ ਬਲਵੀਰ ਸਿੰਘ ਫੋਰਮੈਨ, ਸਾਬਕਾ ਕੌਂਸਲਰ ਬਿਕਰਮ ਸਿੰਘ ਬੀਕਾ, ਹਰਪਾਲ ਸਿੰਘ ਮੰਗੋ, ਰਵਿੰਦਰਜੀਤ ਸਿੰਘ ਭੰਗੂ, ਕੇਸਰ ਸਿੰਘ ਮੰਡੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੀਆਂ। ਮੌਕੇ ’ਤੇ ਪੁੱਜੀਆਂ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ ਗਿਆ।