- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸੌਂਟੀ ਵਿਖੇ ਸਲਾਨਾ ਗੁਰਮਤਿ ਸਮਾਗਮ ਤੇ ਮੈਡੀਕਲ ਕੈਂਪ ਲਗਾਇਆ

ਗਰਗ, ਪੰਜਾਬੀ ਜਾਗਰਣ, ਅਮਲੋਹ : ਹਲਕਾ ਅਮਲੋਹ ਦੇ ਪਿੰਡ ਸੌਂਟੀ ਸਥਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਵੱਖ-ਵੱਖ ਰਾਗੀ, ਢਾਡੀ, ਕੀਰਤਨੀ ਤੇ ਕਵੀਸ਼ਰੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਤੋਂ ਪਹਿਲਾਂ ਗੁਰਦੁਆਰਾ ਸਿੰਘ ਸਭਾ ਅਮਲੋਹ ਤੋਂ ਇਕ ਵਿਸ਼ਾਲ ਨਗਰ ਕੀਰਤਨ ਰਵਾਨਾ ਹੋਇਆ ਜੋ ਗੁਰਦੁਆਰਾ ਛੇਵੀਂ ਪਾਤਸ਼ਾਹੀ ਸੌਂਟੀ ਵਿਖੇ ਜਾ ਕੇ ਸਮਾਪਤ ਹੋਇਆ। ਨਗਰ ਕੀਰਤਨ ਦਾ ਭਰਵਾਂ ਸਵਾਗਤ ਪ੍ਰਧਾਨ ਦਰਸ਼ਨ ਸਿੰਘ ਬੱਬੀ ਦੀ ਅਗਵਾਈ ਵਿਚ ਵੱਡੀ ਗਿਣਤੀ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਰਸਤੇ ਭਰ ਸ਼ਹਿਰ ਵਾਸੀਆਂ ਵੱਲੋਂ ਨਗਰ ਕੀਰਤਨ ਦਾ ਬਾਜ਼ਾਰਾਂ ’ਚੋਂ ਲੰਘਣ ਸਮੇਂ ਫੁੱਲਾਂ ਦੀ ਵਰਖਾ ਨਾਲ ਥਾਂ-ਥਾਂ ਸਵਾਗਤ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਸੀਨੀਅਰ ਅਕਾਲੀ ਆਗੂ ਕਰਮਜੀਤ ਸਿੰਘ ਭਗੜਾਣਾ ਅਤੇ ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ ਨੇ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋ ਕੇ ਹਾਜ਼ਰੀ ਭਰੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਸ਼ਨ ਸਿੰਘ ਬੱਬੀ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਰਾਜੂ ਖੰਨਾ, ਕਰਮਜੀਤ ਸਿੰਘ ਭਗੜਾਣਾ ਤੇ ਰਾਕੇਸ਼ ਕੁਮਾਰ ਸ਼ਾਹੀ ਦਾ ਸਨਮਾਨ ਵੀ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਅਜਿਹੇ ਧਾਰਮਿਕ ਇਕੱਠ ਸੰਗਤ ਨੂੰ ਸਿੱਖ ਕਦਰਾਂ-ਕੀਮਤਾਂ ਅਤੇ ਗੁਰਮਤਿ ਪਰੰਪਰਾ ਨਾਲ ਜੋੜੀ ਰੱਖਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਧਾਰਮਿਕ ਪ੍ਰੋਗਰਾਮਾਂ ਦੇ ਨਾਲ-ਨਾਲ ਸੰਗਤ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ।