ਪੱਤਰ ਪ੍ਰੇਰਕ, ਫ਼ਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਸਾਰੀਆਂ 90 ਸੀਟਾਂ ਆਪਣੇ ਦਮ 'ਤੇ ਲੜੇਗੀ। ਮਾਨ ਸ਼ਨਿਚਰਵਾਰ ਨੂੰ ਫ਼ਤਹਿਗੜ੍ਹ ਸਾਹਿਬ ਅਦਾਲਤ 'ਚ ਪੇਸ਼ੀ ਭੁਗਤਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਪਾਰਟੀ ਵਲੋਂ ਚੋਣ ਮੈਦਾਨ 'ਚ ਸਾਰੇ ਉਮੀਦਵਾਰ ਉਤਾਰੇ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਸੁਖਪਾਲ ਖਹਿਰਾ ਵਲੋਂ ਦਿੱਤਾ ਅਸਤੀਫ਼ਾ ਤੁਰੰਤ ਮਨਜ਼ੂਰ ਕਰੇ ਫਿਰ ਖਹਿਰਾ ਆਪਣੇ ਬਲਬੂਤੇ 'ਤੇ ਆਪਣੀ ਪਾਰਟੀ ਦੇ ਨਿਸ਼ਾਨ 'ਤੇ ਚੋਣ ਲੜਨ ਤਾਂ ਕਿ ਉਸ ਨੂੰ ਆਪਣੀ ਤਾਕਤ ਦਾ ਅਹਿਸਾਸ ਹੋ ਸਕੇ ਕਿ ਉਹ ਕਿੰਨੇ ਕੁ ਪਾਣੀ 'ਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਲੜਖੜਾ ਚੁੱਕੀ ਹੈ ਤੇ ਜੇਲ੍ਹਾਂ ਵਿਚ ਕਤਲ ਹੋ ਰਹੇ ਹਨ ਅਤੇ ਜੇਲ੍ਹਾਂ ਵਿਚ ਬੈਠੇ ਲੋਕ ਨਸ਼ੇ ਦਾ ਕਾਰੋਬਾਰ ਚਲਾ ਰਹੇ ਹਨ ਅਤੇ ਪੁਲਿਸ ਮੁਲਾਜ਼ਮ ਨਸ਼ਿਆਂ ਸਮੇਤ ਫੜੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਇਕ ਮਹੀਨੇ ਵਿਚ 8-9 ਮੌਤਾਂ ਪੁਲਿਸ ਦੀ ਹਿਰਾਸਤ ਵਿਚ ਹੋ ਗਈਆਂ ਹਨ। ਉਨ੍ਹਾਂ ਫ਼ਤਹਿਗੜ੍ਹ ਸਾਹਿਬ ਵਿਚ ਚਾਰ ਪੱਤਰਕਾਰਾਂ ਅਤੇ 3 'ਆਪ' ਆਗੂਆਂ ਖਿਲਾਫ਼ ਜੋ ਮਾਮਲਾ ਦਰਜ ਕੀਤਾ ਗਿਆ,ਉਹ ਸੱਚਾਈ ਤੋਂ ਕੋਹਾਂ ਦੂਰ ਹੈ, ਜਿਸ ਦੀ ਉਨ੍ਹਾਂ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ 5 ਸਤੰਬਰ ਨੂੰ ਲਗਾਏ ਜਾਣ ਧਰਨੇ 'ਚ ਸ਼ਿਰਕਤ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ, ਸੰਤੋਖ ਸਿੰਘ ਸਲਾਣਾ, ਰੁਪਿੰਦਰ ਸਿੰਘ ਹੈਪੀ, ਰਸ਼ਪਿੰਦਰ ਸਿੰਘ, ਅਮਰਿੰਦਰ ਸਿੰਘ ਮਡੋਫਲ, ਮਹਿਲਾ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਸੁਖਵਿੰਦਰ ਕੌਰ, ਪਾਵੇਲ ਹਾਂਡਾ, ਜਤਿੰਦਰ ਸਿੰਘ ਸਿੱਧੂ ਆਦਿ ਮੌਜੂਦ ਸਨ।