- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆੜ੍ਹਤੀ ਕਿਸਾਨਾਂ ਦੀ ਅਹਿਮ ਕੜੀ, ਉਨ੍ਹਾਂ ਦੇ ਮਸਲੇ ਹੱਲ ਕਰਨ ਲਾਜ਼ਮੀ: ਨਾਗਰਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਭੱਟਮਾਜਰਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਭਰਵੀ ਮੀਟਿੰਗ ਕੀਤੀ ਇਸ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਮੰਡੀਆਂ ’ਚ ਆਉਣੀ ਸ਼ੁਰੂ ਹੋਣ ਵਾਲੀ ਹੈ ਪਰ ਪੰਜਾਬ ਸਰਕਾਰ ਵੱਲੋਂ ਆੜ੍ਹਤੀਆਂ ਦੇ ਮੁੱਖ ਮਸਲਿਆਂ ਨੂੰ ਅਜੇ ਤੱਕ ਹੱਲ ਨਹੀਂ ਕੀਤਾ ਗਿਆ, ਜੋ ਕਿ ਚਿੰਤਾਜਨਕ ਗੱਲ ਹੈ। ਉਨ੍ਹਾਂ ਕਿਹਾ ਜੇ ਸਮੇਂ ਸਿਰ ਆੜ੍ਹਤੀਆਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਇਸ ਦਾ ਸਿੱਧਾ ਅਸਰ ਕਣਕ ਦੀ ਖ਼ਰੀਦ ਪ੍ਰਕਿਰਿਆ ’ਤੇ ਪਵੇਗਾ ਅਤੇ ਇਸ ਦਾ ਖਾਮਿਆਜ਼ਾ ਸਿੱਧਾ ਕਿਸਾਨਾਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹਾਲਾਤ ਵਿਚ ਮੰਡੀਆਂ ਵਿਚ ਸੁਚੱਜੀ ਖ਼ਰੀਦ ਯਕੀਨੀ ਬਣਾਉਣ ਲਈ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਆੜ੍ਹਤੀਆਂ ਦੇ ਮਸਲੇ ਲੰਮੇ ਸਮੇਂ ਤੋਂ ਲਟਕੇ ਹੋਏ ਹਨ, ਜਿਸ ਨਾਲ ਖ਼ਰੀਦ ਪ੍ਰਣਾਲੀ ’ਤੇ ਗੰਭੀਰ ਅਸਰ ਪੈ ਸਕਦਾ ਹੈ। ਨਾਗਰਾ ਨੇ ਦੱਸਿਆ ਕਿ ਪੰਜਾਬ ਦੀ ਅਰਥਵਿਵਸਥਾ ਦਾ ਵੱਡਾ ਹਿੱਸਾ ਖੇਤੀਬਾੜੀ ’ਤੇ ਨਿਰਭਰ ਕਰਦਾ ਹੈ ਅਤੇ ਜੇ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਸੁਚਾਰੂ ਨਾ ਰਹੀ ਤਾਂ ਇਸ ਦਾ ਵਿਆਪਕ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਆੜ੍ਹਤੀ ਕਿਸਾਨਾਂ ਅਤੇ ਸਰਕਾਰ ਦੇ ਵਿਚਕਾਰ ਇਕ ਮਹੱਤਵਪੂਰਨ ਕੜੀ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਮੋਰਚੇ ’ਤੇ ਨਾਕਾਮ ਸਾਬਤ ਹੋ ਰਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਪ੍ਰਤੀ ਉਸ ਦੀ ਗੰਭੀਰਤਾ ਨਹੀਂ ਦਿਖ ਰਹੀ। ਸ: ਨਾਗਰਾ ਨੇ ਕਿਹਾ ਕਿ ਖ਼ਰੀਦ ਸੀਜ਼ਨ ਹੋਣ ਦੇ ਬਾਵਜੂਦ ਵੀ ਤਿਆਰੀਆਂ ਅਧੂਰੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ।