- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਰਜੁਨਾ ਐਵਾਰਡੀ ਸੁਖਪਾਲ ਸਿੰਘ ਪਾਲੀ ਨੇ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਕੀਤਾ ਪ੍ਰੇਰਿਤ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਤੇ ਖੇਡ ਤਕਨਾਲੋਜੀ ਵਿਭਾਗ ਵੱਲੋਂ ਬਾਬਾ ਫ਼ਤਿਹ ਸਟੇਡੀਅਮ ਵਿਖੇ ਪ੍ਰੇਰਣਾਦਾਇਕ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਭਾਰਤੀ ਵਾਲੀਬਾਲ ਟੀਮ ਦੇ ਕਪਤਾਨ ਤੇ ਅਰਜੁਨਾ ਐਵਾਰਡ ਜੇਤੂ ਸੁਖਪਾਲ ਸਿੰਘ ਪਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਖੇਡ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹਤਾ ਨਾਲ ਟੀਚਿਆਂ ਦੀ ਪ੍ਰਾਪਤੀ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਾਸਕਟਬਾਲ ਕੋਚ ਰਾਹੁਲ ਦੀਪ ਸਿੰਘ ਅਤੇ ਡਾ. ਰਣਜੀਤ ਸੂਰੀ ਵੀ ਹਾਜ਼ਰ ਸਨ। ਯੂਨੀਵਰਸਿਟੀ ਪੁੱਜਣ ’ਤੇ ਵਿਭਾਗ ਦੇ ਮੁਖੀ ਡਾ. ਵਰਿੰਦਰ ਸਿੰਘ ਭੁੱਲਰ ਨੇ ਸੁਖਪਾਲ ਸਿੰਘ ਪਾਲੀ ਦਾ ਸਵਾਗਤ ਕੀਤਾ। ਡਾ. ਭੁੱਲਰ ਨੇ ਕਿਹਾ ਕਿ ਸਫ਼ਲ ਖਿਡਾਰੀਆਂ ਦੇ ਵਿਚਾਰ ਵਿਦਿਆਰਥੀਆਂ ਨੂੰ ਖੇਡਾਂ ’ਚ ਸੁਪਨੇ ਸਾਕਾਰ ਕਰਨ ਲਈ ਉਤਸ਼ਾਹਿਤ ਕਰਦੇ ਹਨ। ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਪਾਲੀ ਨੇ ਕਿਹਾ ਕਿ ਖੇਡਾਂ ਸਿਰਫ਼ ਮੈਡਲ ਜਿੱਤਣ ਤੱਕ ਸੀਮਤ ਨਹੀਂ, ਸਗੋਂ ਜੀਵਨ ’ਚ ਅਨੁਸ਼ਾਸਨ, ਸਬਰ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਪੜ੍ਹਾਈ ਵੱਲ ਧਿਆਨ ਦੇਣ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਜਿਊਣ ਦਾ ਸੱਦਾ ਦਿੱਤਾ। ਸਵਾਲ-ਜਵਾਬ ਸੈਸ਼ਨ ਦੌਰਾਨ ਉਨ੍ਹਾਂ ਖੇਡ ਤਕਨੀਕਾਂ, ਖੁਰਾਕ ਤੇ ਫਿਟਨੈੱਸ ਸਬੰਧੀ ਨੁਕਤੇ ਵੀ ਸਾਂਝੇ ਕੀਤੇ। ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਗੁਰਵਿੰਦਰ ਸਿੰਘ ਸੋਢੀ ਨੇ ਧੰਨਵਾਦ ਕੀਤਾ। ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।