- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਨੇ ਪਾਕਿਸਤਾਨ ਵਿਚਲੀਆਂ ਸਿੱਖ ਸੰਸਥਾਵਾਂ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਸਿੱਖਾਂ ਵੱਲੋਂ ਵਾਰ-ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਇਵੈਕਿਊਏਸ਼ਨ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਨੇ ਕੋਈ ਠੋਸ ਕਦਮ ਕਿਉਂ ਨਹੀਂ ਚੁੱਕੇ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪਾਕਿਸਤਾਨ ’ਚ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਇਮਾਰਤ ਨੂੰ ਭੂ-ਮਾਫੀਆ ਵੱਲੋਂ ਢਾਹੇ ਜਾਣ ਦੀ ਕੋਸ਼ਿਸ਼ ਬੇਹੱਦ ਮੰਦਭਾਗੀ ਤੇ ਵਿਸ਼ਵ ਭਰ ਦੇ ਸਿੱਖ ਹਿਰਦਿਆਂ ਨੂੰ ਵਲੂੰਧਰਨ ਵਾਲੀ ਹੈ। ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇਤਿਹਾਸਕ ਕਸਬੇ ਫਾਰੂਖਾਬਾਦ (ਮੰਡੀ ਚੂੜਕਾਣਾ) ਵਿਖੇ ਸਥਿਤ ਇਸ ਮਹਾਨ ਸਿੱਖ ਧਰੋਹਰ ’ਤੇ ਸਥਾਨਕ ਪ੍ਰਸ਼ਾਸਨ ਦੀ ਕਥਿਤ ਮਿਲੀਭੁਗਤ ਨਾਲ ਚੱਲਿਆ ਪੀਲਾ ਪੰਜਾ ਸਿੱਖ ਕੌਮ ਦੀਆਂ ਭਾਵਨਾਵਾਂ ’ਤੇ ਸਿੱਧਾ ਹਮਲਾ ਹੈ।
ਇਹ ਪ੍ਰਗਟਾਵਾ ਦਮਦਮੀ ਟਕਸਾਲ ਦੇ ਬੁਲਾਰੇ ਭਾਈ ਗੁਰਦੀਪ ਸਿੰਘ ਨੌਲੱਖਾ ਨੇ ਇਕ ਬਿਆਨ ਜਾਰੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਸਾਹਿਬ ਕੋਈ ਆਮ ਇਮਾਰਤ ਨਹੀਂ ਹੈ, ਬਲਕਿ ਇਸ ਦਾ ਸਬੰਧ ਸਿੱਖ ਪੰਥ ਦੇ ਮਹਾਨ ਜਰਨੈਲ ਜਥੇਦਾਰ ਕਰਤਾਰ ਸਿੰਘ ਝੱਬਰ ਨਾਲ ਜੁੜਿਆ ਹੋਇਆ ਹੈ। ਇਹ ਬੇਹੱਦ ਚਿੰਤਾ ਦਾ ਵਿਸ਼ਾ ਹੈ ਕਿ ਸਾਲ 1960 ’ਚ ਪਾਕਿਸਤਾਨ ਸਰਕਾਰ ਵੱਲੋਂ ਇਹ ਜਗ੍ਹਾ ਭਾਰਤ ਤੋਂ ਗਏ ਸ਼ਰਨਾਰਥੀਆਂ ਨੂੰ ਰਹਿਣ ਲਈ ਅਲਾਟ ਕਰਦੇ ਸਮੇਂ ਮੂਲ ਢਾਂਚੇ ਨਾਲ ਛੇੜਛਾੜ ਨਾ ਕਰਨ ਦੀ ਸਖ਼ਤ ਸ਼ਰਤ ਲਗਾਈ ਗਈ ਸੀ, ਫਿਰ ਵੀ ਪਿਛਲੇ ਕੁਝ ਸਾਲਾਂ ਤੋਂ ਭੂ-ਮਾਫੀਆ ਦੀ ਅੱਖ ਇਸ ਕੀਮਤੀ ਜ਼ਮੀਨ ’ਤੇ ਟਿਕੀ ਹੋਈ ਹੈ। 4 ਸਾਲ ਪਹਿਲਾਂ ਇਸ ਦਾ ਮੁੱਖ ਗੁੰਬਦ ਤੋੜਿਆ ਗਿਆ ਅਤੇ ਹੁਣ ਪੂਰੀ ਇਮਾਰਤ ਨੂੰ ਨਿਸਤਨਾਬੂਦ ਕਰਨ ਦੀ ਸਾਜ਼ਿਸ਼ ਰਚੀ ਗਈ।
ਉਨ੍ਹਾਂ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਨੇ ਪਾਕਿਸਤਾਨ ਵਿਚਲੀਆਂ ਸਿੱਖ ਸੰਸਥਾਵਾਂ ਦੀ ਕਾਰਗੁਜ਼ਾਰੀ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਸਿੱਖਾਂ ਵੱਲੋਂ ਵਾਰ-ਵਾਰ ਸ਼ਿਕਾਇਤਾਂ ਦੇਣ ਦੇ ਬਾਵਜੂਦ ਇਵੈਕਿਊਏਸ਼ਨ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਨੇ ਕੋਈ ਠੋਸ ਕਦਮ ਕਿਉਂ ਨਹੀਂ ਚੁੱਕੇ। ਇਨ੍ਹਾਂ ਸੰਸਥਾਵਾਂ ਦੀ ਢਿੱਲ-ਮੱਠ ਕਾਰਨ ਹੀ ਭੂ-ਮਾਫੀਆ ਦੇ ਹੌਸਲੇ ਇੰਨੇ ਬੁਲੰਦ ਹੋਏ ਹਨ। ਉਨ੍ਹਾਂ ਪਾਕਿਸਤਾਨ ਸਰਕਾਰ, ਉੱਥੋਂ ਦੇ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਇਸ ਮੰਦਭਾਗੀ ਘਟਨਾ ਦੇ ਦੋਸ਼ੀ ਭੂ-ਮਾਫੀਆ ਅਤੇ ਉਨ੍ਹਾਂ ਦਾ ਸਾਥ ਦੇਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗੰਭੀਰ ਮਾਮਲੇ ਨੂੰ ਪਾਕਿਸਤਾਨ ਸਰਕਾਰ ਕੋਲ ਉਠਾਉਣ।