ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ: ਪਰਾਲੀ ਨੂੰ ਅੱਗ ਲਗਾਉਣ ਦੇ ਕਈ ਨੁਕਸਾਨ ਹਨ ਜਿਵੇਂ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਵਿਚਲੇ ਉਪਜਾਊ ਤੱਤ ਘੱਟਦੇ ਹਨ ਅਤੇ ਵੱਡੀ ਪੱਧਰ 'ਤੇ ਵਾਤਾਵਰਣ ਪ੍ਰਦੂਸ਼ਣ ਫੈਲਦਾ ਹੈ। ਜਿਸ ਨਾਲ ਦਮੇਂ ਦੇ ਮਰੀਜਾਂ, ਬਜੁਰਗਾਂ ਤੇ ਬੱਚਿਆਂ ਨੂੰ ਸਾਹ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਸਿੱਧੂ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਉਠਦੇ ਧੂੰਏ ਕਾਰਨ ਸੜਕੀ ਹਾਦਸਿਆਂ ਵਿੱਚ ਵੀ ਵਾਧਾ ਹੁੰਦਾ ਹੈ ਤੇ ਆਵਾਜਾਈ ਵਿੱਚ ਵੀ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਦੂਜੇ ਪਾਸੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਜੀਤ ਸਿੰਘ ਵਾਲੀਆ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣਾ ਚਾਹੀਦਾ ਹੈ ਕਿਉਂਕਿ ਇਸ ਤਰ੍ਹਾਂ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਤੇ ਫਸਲ ਦਾ ਝਾੜ ਵੀ ਵੱਧਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ ਸਰਹਿੰਦ ਬਲਾਕ ਦੇ ਪਿੰਡ ਚਨਾਰਥਲ ਖੁਰਦ, ਖਰੋੜੀ, ਆਦਮਪੁਰ, ਚਨਾਰਥਲ ਕਲਾਂ, ਸੌਂਢਾ, ਬਧੌਛੀ ਅਤੇ ਖਰੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਗਏ ਜਿਨ੍ਹਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ। ਇਨ੍ਹਾਂ ਕੈਂਪਾਂ ਵਿੱਚ ਖੇਤੀਬਾੜੀ ਵਿਕਾਸ ਅਫਸਰ ਨਵਜੋਤ ਕੌਰ ਨੇ ਦੱਸਿਆ ਕਿ ਕਿਸਾਨ ਪਰਾਲੀ ਦੀਆਂ ਗੱਠਾਂ ਬਣਾ ਸਕਦੇ ਹਨ ਜਾਂ ਇਸ ਨੂੰ ਖੇਤ ਵਿੱਚ ਹੀ ਵਾਹਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਖੇਤੀ ਖਰਚਿਆਂ ਵਿੱਚ ਵੀ ਕਮੀਂ ਆਉਂਦੀ ਹੈ ਤੇ ਵਾਤਾਵਰਣ ਵੀ ਸ਼ੁੱਧ ਰਹਿੰਦਾ ਹੈ। ਏਟੀਅੱੈਮ ਹਰਦੀਪ ਸਿੰਘ ਨੇ ਸਬਸਿਡੀ 'ਤੇ ਦਿੱਤੀ ਜਾਂਦੀ ਖੇਤੀ ਮਸ਼ੀਨਰੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ।