ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ:ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਬਲਾਕ ਸਰਹਿੰਦ ਦੇ ਪਿੰਡ ਚਨਾਰਥਲ ਕਲਾਂ ਦੇ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਾ. ਵਾਲੀਆ ਨੇ ਕਿਸਾਨਾਂ ਨੂੰ ਪ੍ਰਰੇਰਤ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਕਾਫੀ ਲਾਹੇਵੰਦ ਹੈ ਕਿਉਂਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਕੱਦੂ ਕੀਤੇ ਝੋਨੇ ਦੇ ਮੁਕਾਬਲੇ 20 ਤੋਂ 25 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਇਸ ਮੌਕੇ ਡਿਪਟੀ ਪ੍ਰਰੋਜੈਕਟ ਡਾਇਰੈਕਟਰ ਆਤਮਾ ਹਰਮਨਜੀਤ ਸਿੰਘ ਨੇ ਦੱਸਿਆ ਕਿ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਵੱਲੋਂ 5 ਏਕੜ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਂਦੀ ਹੈ ਜਦੋਂ ਕਿ 5 ਏਕੜ ਰਕਬੇ ਵਿੱਚ ਬੈਡਾਂ ਉਪਰ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਨੂੰ ਪਹਿਲਾਂ-ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਕੁਝ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਪ੍ਰੰਤੂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਕਿਸਾਨ ਨੂੰ ਤਕਨੀਕੀ ਜਾਣਕਾਰੀ ਦਿੱਤੀ ਗਈ, ਜਿਸ ਨਾਲ ਝੋਨੇ ਦੀ ਸਿੱਧੀ ਬਿਜਾਈ ਨੂੰ ਸਫਲ ਬਣਾਇਆ ਗਿਆ। ਉਪ ਪ੍ਰਰੋਜੈਕਟ ਡਾਇਰੈਕਟਰ ਆਤਮਾ ਜਤਿੰਦਰ ਸਿੰਘ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਖੇਤੀ ਖਰਚੇ ਘੱਟਦੇ ਹਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ 'ਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੀ ਜਾਂਦੀ ਵੱਖ-ਵੱਖ ਤਰ੍ਹਾਂ ਦੀ ਖੇਤੀ ਮਸ਼ੀਨਰੀ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ। ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਅਤੇ ਬੈਡਾਂ ਉਪਰ ਝੋਨੇ ਦੀ ਬਿਜਾਈ ਕਰਕੇ ਬਹੁਤ ਖੁਸ਼ ਹੈ। ਉਸ ਨੇ ਕਿਹਾ ਕਿ ਉਹ ਅਗਲੇ ਸੀਜਨ ਦੌਰਾਨ ਜ਼ਿਲ੍ਹੇ ਦੇ ਹੋਰਨਾ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰਰੇਰਤ ਕਰਨਗੇ ਤਾਂ ਜੋ ਕੁਦਰਤੀ ਸੋਮਿਆਂ ਨੂੰ ਬਚਾਇਆ ਜਾ ਸਕੇ। ਰਾਜਵੀਰ ਸਿੰਘ ਸਹਾਇਕ ਤਕਨੀਕੀ ਮੈਨੇਜਰ ਨੇ ਦੱਸਿਆ ਕਿ ਝੋਨੇ ਦੀ ਵਢਾਈ ਉਪਰੰਤ ਪਰਾਲੀ ਨੂੰ ਵੱਖ-ਵੱਖ ਤਰ੍ਹਾਂ ਨਾਲ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਵਾਤਾਵਰਣ ਨੂੰ ਵੀ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ।