ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਸਰਹਿੰਦ ਦੇ ਪਿੰਡ ਮਾਜਰੀ ਸੋਢੀਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਣ ਵਧਦਾ ਹੈ ਉੱਥੇ ਮਨੁੱਖੀ ਸਿਹਤ 'ਤੇ ਵੀ ਇਸ ਦਾ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਕ ਟਨ ਪਰਾਲੀ ਸਾੜਨ ਨਾਲ ਜੈਵਿਕ ਮਾਦਾ, 5.5 ਕਿੱਲੋ ਨਾਈਟਰੋਜਨ, 2.3 ਕਿੱਲੋ ਫਾਸਫੋਰਸ, 2.5 ਕਿੱਲੋ ਪੋਟਾਸ ਅਤੇ 1.2 ਕਿੱਲੋ ਸਲਫਰ ਤੱਤ ਖ਼ਤਮ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਥਾਨਕ ਲੇਬਰ ਕੋਲਂੋ ਪਰਾਲੀ ਇਕੱਠੀ ਕਰਵਾ ਕੇ ਇਸ ਨੂੰ ਮਲਚਿੰਗ ਦੇ ਤੌਰ 'ਤੇ ਵਰਤ ਸਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਇਸ ਤੋਂ ਇਲਾਵਾ ਵਾਤਾਵਰਣ ਵਿਚ ਜਹਿਰੀਲੀਆਂ ਗੈਸਾਂ ਫੈਲਦੀਆਂ ਹਨ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਵਿਚ ਵਾਧਾ ਹੁੰਦਾ ਹੈ। ਡਾ. ਵਾਲੀਆ ਨੇ ਕਿਹਾ ਕਿ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿਚ ਹੀ ਵਾਹੁਣ ਨਾਲ ਜੈਵਿਕ ਮਾਦਾ ਵਧਦਾ ਹੈ,ਖਾਦਾਂ ਦੇ ਖਰਚੇ ਘਟਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵੀ ਵਾਧਾ ਹੁੰਦਾ ਹੈ। ਖੇਤੀਬਾੜੀ ਉੱਪ ਨਿਰੀਖਕ ਸਰਹਿੰਦ ਤੇਜਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਰਤੀ ਜਾਂਦੀ ਵੱਖ-ਵੱਖ ਖੇਤੀ ਮਸ਼ੀਨਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਵਾਢੀ ਉਪਰੰਤ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਬਿਨਾਂ ਝੋਨੇ ਦੀ ਪਰਾਲੀ ਨੂੰ ਖੇਤ ਵਿਚੋਂ ਬਾਹਰ ਕੱਢੇ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਸਹਾਇਕ ਤਕਨੀਕੀ ਮੈਨੇਜਰ ਸਰਹਿੰਦ ਹਰਦੀਪ ਸਿੰਘ ਨੇ ਕਿਸਾਨਾਂ ਨੂੰ ਘਰੇਲੂ ਬਗੀਚੀਆਂ ਅਤੇ ਫਲਦਾਰ ਬੂਟਿਆਂ ਦੀ ਸਾਂਭ ਸੰਭਾਲ ਸਬੰਧੀ ਵੀ ਜਾਣਕਾਰੀ ਦਿੱਤੀ। ਵਰਨਣਯੋਗ ਹੈ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਹਿੰਦ ਬਲਾਕ ਦੇ ਪਿੰਡ ਸੰਗਤਪੁਰ ਸੋਢੀਆਂ,ਮੁੱਲਾਪੁਰ ਕਲਾਂ,ਵਜੀਰਾਬਾਦ,ਅਲੀਪੁਰ ਸੋਢੀਆਂ, ਸਿੱਧਵਾਂ,ਮੀਰਪੁਰ,ਬੀੜ ਭਮਾਰਸੀ ਅਤੇ ਭਮਾਰਸੀ ਜੇਰ ਵਿਖੇ ਜਾਗਰੂਕਤਾ ਕੈਂਪ ਲਗਾਏ ਜਾ ਚੁੱਕੇ ਹਨ।