- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਤੋਂ ਬਚਣ ਲਈ ਜਾਗਰੂਕ ਹੋਣਾ ਬੇਹੱਦ ਜ਼ਰੂਰੀ : ਡਾ. ਅਰਵਿੰਦ ਪਾਲ ਸਿੰਘ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਵੱਲੋਂ ਜ਼ਿਲ੍ਹੇ ਦੇ ਹੌਟਸਪਾਟ ਖੇਤਰਾਂ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਵੱਲੋਂ ਸਰਦਾਰ ਕਾਲੋਨੀ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ ਵੱਲੋਂ ਪ੍ਰੀਤ ਨਗਰ ਤੇ ਆਮ ਖ਼ਾਸ ਬਾਗ਼, ਡਾ. ਸ਼ੁਭਮ ਸੂਰੀ ਵੱਲੋਂ ਹਿਮਾਯੂੰਪੁਰ ਤੇ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਵੱਲੋਂ ਜੱਟਪੁਰਾ ਮੁਹੱਲਾ ਸਰਹੰਦ ਸਮੇਤ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਵੱਲੋਂ ਆਪਣੇ ਖੇਤਰਾਂ ’ਚ ਲਾਰਵੇ ਦੀ ਚੈਕਿੰਗ ਕੀਤੀ ਗਈ। ਟੀਮਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਮਿਲੇ ਲਾਰਵੇ ਨੂੰ ਮੌਕੇ ’ਤੇ ਨਸ਼ਟ ਕਰਵਾਇਆ। ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ। ਘਰਾਂ ਤੇ ਆਸ-ਪਾਸ ਕੂਲਰਾਂ, ਗਮਲਿਆਂ, ਫ਼ਰਿੱਜ ਦੀਆਂ ਟਰੇਆਂ ਅਤੇ ਟਾਇਰਾਂ ’ਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਡੇਂਗੂ ਦਾ ਮੱਛਰ 7 ਤੋਂ 10 ਦਿਨਾਂ ’ਚ ਪੂਰਾ ਮੱਛਰ ਬਣਦਾ ਹੈ, ਇਸ ਲਈ ਹਰ ਸ਼ੁੱਕਰਵਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾਣ। ਉਨ੍ਹਾਂ ਪੂਰੀ ਬਾਹੀਆਂ ਵਾਲੇ ਕੱਪੜੇ ਪਹਿਨਣ, ਮੱਛਰ ਭਜਾਊ ਕਰੀਮਾਂ ਅਤੇ ਮੱਛਰਦਾਨੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਡੇਂਗੂ ਦਾ ਟੈਸਟ ਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਸੁਪਰਵਾਈਜ਼ਰ ਰਸ਼ਮਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਤੇਜਿੰਦਰ ਸਿੰਘ, ਮਨਜਿੰਦਰ ਸਿੰਘ, ਹਰੀ ਸਿੰਘ, ਹਰਦੀਪ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਸਿੰਘ, ਮਨਦੀਪ ਕੌਰ, ਹਰਵਿੰਦਰ ਕੌਰ ਅਤੇ ਹਰਦੀਪ ਸਿੰਘ ਮੌਜੂਦ ਸਨ।