ਬਸੀ ਪਠਾਣਾਂ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
ਬਸੀ ਪਠਾਣਾਂ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ
Publish Date: Fri, 16 Jan 2026 06:22 PM (IST)
Updated Date: Fri, 16 Jan 2026 06:24 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਨਸ਼ਾ ਵਿਰੋਧੀ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਬੱਸੀ ਪਠਾਣਾ ਵਿਖੇ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਵਿੱਚ ਕੱਢੀ ਗਈ। ਚੇਤਨਾ ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਹੈਪੀ ਨੇ ਕਿਹਾ ਕਿ ਨਸ਼ਾ ਇੱਕ ਅਜਿਹਾ ਕੋਹੜ ਹੈ ਜੋ ਸਾਡੀ ਜਵਾਨੀ ਅਤੇ ਸਮਾਜ ਨੂੰ ਅੰਦਰੋਂ-ਅੰਦਰੀ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਨਿਸ਼ਾਨਾ ਸਿਰਫ਼ ਨਸ਼ਾ ਫੜਨਾ ਹੀ ਨਹੀਂ, ਸਗੋਂ ਨੌਜਵਾਨਾਂ ਦੇ ਮਨਾਂ ਵਿੱਚੋਂ ਨਸ਼ੇ ਪ੍ਰਤੀ ਖਿੱਚ ਨੂੰ ਖ਼ਤਮ ਕਰਕੇ ਉਨ੍ਹਾਂ ਨੂੰ ਖੇਡਾਂ ਅਤੇ ਉਸਾਰੂ ਕੰਮਾਂ ਵੱਲ ਮੋੜਨਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਦੂਜਾ ਪੜਾਅ ਘਰ-ਘਰ ਤੱਕ ਜਾਗਰੂਕਤਾ ਦਾ ਸੁਨੇਹਾ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਪੈਦਲ ਯਾਤਰਾਵਾਂ ਆਰੰਭੀਆਂ ਗਈਆਂ ਹਨ ਤਾਂ ਕਿ ਹਰ ਇੱਕ ਨਾਗਰਿਕ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਲਿਆਂਦੇ ਜਾ ਸਕਣ। ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਇਸ ਮੁਹਿੰਮ ਵਿੱਚ ਸ਼ਿਰਕਤ ਕੀਤੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ। ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਾਜ਼ਰੀਨ ਨੂੰ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਅਤੇ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਦੀ ਸਹੁੰ ਚੁਕਾਈ। ਇਸ ਮੌਕੇ ਰਾਜ ਪੁਰੀ ਹਲਕਾ ਸੰਗਠਨ ਇੰਚਾਰਜ, ਚੇਅਰਮੈਨ ਮਾਰਕੀਟ ਕਮੇਟੀ ਮਨਪ੍ਰੀਤ ਸਿੰਘ ਸੋਮਲ, ਇੰਦਰਜੀਤ ਸਿੰਘ ਮੈਂਬਰ ਮੰਡੀਕਰਨ ਬੋਰਡ ਪੰਜਾਬ, ਬਲਾਕ ਪ੍ਰਧਾਨ ਰਸ਼ਪਿੰਦਰ ਸਿੰਘ, ਬਲਾਕ ਪ੍ਰਧਾਨ ਸਤੀਸ਼ ਕੌਸ਼ਲ, ਬਲਾਕ ਪ੍ਰਧਾਨ ਹਰਜੀਤ ਸਿੰਘ, ਬਰਿੰਦਰ ਸਿੰਘ ਵੀਰੂ, ਮਾਸਟਰ ਸੁਰਜੀਤ ਸਿੰਘ ਤੇ ਸਰਪੰਚ ਫਤਿਹਪੁਰ ਅਰਾਈਆਂ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਇਸ ਮੁਹਿੰਮ ਨੂੰ ਪਿੰਡਾਂ ਤੇ ਵਾਰਡਾਂ ਦੇ ਹਰ ਘਰ ਤੱਕ ਲੈ ਕੇ ਜਾਣਗੇ।