- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ‘ਆਪ’ ਦੇ ਇਤਿਹਾਸ ਦੁਹਰਾਉਣ ਦੇ ਸੁਪਨੇ ਅਧੂਰੇ ਹੀ ਰਹਿਣਗੇ : ਬਾਜਵਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਮੁੱਖ ਬੁਲਾਰੇ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਜਨਤਾ ਨਾਲ ਕੀਤੇ ਵਾਅਦੇ ਖੋਖਲੇ ਸਾਬਤ ਹੋਏ ਹਨ ਅਤੇ ਸੂਬੇ ਸਿਰ ਲਗਭਗ 500 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਬੋਝ ਵਧ ਗਿਆ ਹੈ। ਬਾਜਵਾ ਨੇ ਕਿਹਾ ਕਿ ਸੂਬੇ ’ਚ ਅਰਾਜਕਤਾ ਦੇ ਮਾਹੌਲ ਕਾਰਨ ਲੋਕ ਪਛਤਾਅ ਰਹੇ ਹਨ ਅਤੇ ‘ਆਪ’ ਦੇ ਮੁੜ ਸੱਤਾ ’ਚ ਆਉਣ ਦੇ ਮਨਸੂਬੇ ਪੂਰੇ ਨਹੀਂ ਹੋਣਗੇ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪਾਰਟੀ ਆਗੂ ਆਪਸੀ ਫੁੱਟ ਦਾ ਸ਼ਿਕਾਰ ਹਨ ਅਤੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉੱਤਰੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਰੈਲੀਆਂ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ। ਉਨ੍ਹਾਂ ਭਾਜਪਾ ਨੂੰ ਵੀ ਸਲਾਹ ਦਿੱਤੀ ਕਿ ਜੇਕਰ ਉਹ ਅਕਾਲੀ ਦਲ ਨਾਲ ਮਿਲ ਕੇ ਚੋਣ ਮੈਦਾਨ ’ਚ ਉੱਤਰੇ ਤਾਂ ਇਹ ਉਸ ਲਈ ਲਾਹੇਵੰਦ ਹੋਵੇਗਾ।