- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਸਤਲੁਜ’ ਫ਼ਿਲਮ ਤੋਂ ਪਾਬੰਦੀ ਤੁਰੰਤ ਹਟਾਈ ਜਾਵੇ: ਮੁਕਾਰੋਂਪੁਰ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪਿੰਡ ਰੁਪਾਲਹੇੜੀ ਦੇ ਸਾਬਕਾ ਸਰਪੰਚ ਜਸਵੀਰ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ, ਸਾਬਕਾ ਸ਼ਹਿਰੀ ਪ੍ਰਧਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੇ ਟਰੱਸਟੀ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਦੱਸਿਆ ਕਿ ਮੀਟਿੰਗ ਵਿੱਚ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਵੀ ਲੋਕ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਇਤਿਹਾਸਕ ਕੰਮਾਂ ਨੂੰ ਯਾਦ ਕਰਦੇ ਹਨ। ਇਸ ਮੌਕੇ ਜਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਸੰਘਰਸ਼ ’ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਭਾਰਤ ’ਚੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ’ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਲਮ ਸੱਚ ਨੂੰ ਸਾਹਮਣੇ ਲਿਆਉਣ ਅਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਵਾਲੀ ਇੱਕ ਮਹੱਤਵਪੂਰਨ ਕਿਰਤ ਹੈ। ਪਹਿਲਾਂ ਲੰਬੇ ਸਮੇਂ ਤੱਕ ਫਿਲਮ ਨੂੰ ਰਿਲੀਜ਼ ਨਾ ਹੋਣ ਦੇਣਾ ਅਤੇ ਹੁਣ ਰਿਲੀਜ਼ ਤੋਂ ਦੋ ਦਿਨਾਂ ਬਾਅਦ ਹੀ ਇਸ ਨੂੰ ਭਾਰਤ ਵਿੱਚੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੇ ਜੀਵਨ ਦੀ ਪਰਵਾਹ ਕੀਤੇ ਬਿਨਾਂ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਇਤਿਹਾਸਕ ਸੰਘਰਸ਼ ਕੀਤਾ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਜਸਵੀਰ ਸਿੰਘ ਰੁਪਾਲਹੇੜੀ, ਗੁਰਪ੍ਰੀਤ ਸਿੰਘ ਪੰਚ, ਸਵਰਨ ਸਿੰਘ ਪੰਚ, ਸੁੱਖਾ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ (ਸਾਬਕਾ ਸਰਪੰਚ), ਮਾਸਟਰ ਹਮੀਰ ਸਿੰਘ (ਸਾਬਕਾ ਸਰਪੰਚ), ਬਲਵੀਰ ਸਿੰਘ, ਸ਼ੇਰ ਸਿੰਘ, ਮੇਵਾ ਸਿੰਘ, ਹਰਪ੍ਰੀਤ ਸਿੰਘ ਰੈਲੋ, ਸੁਰਿੰਦਰ ਸਿੰਘ ਰੈਲੋ, ਸੁਦਾਗਰ ਸਿੰਘ ਰੁਪਾਲਹੇੜੀ ਅਤੇ ਬਰਿੰਦਰ ਸਿੰਘ ਰੁਪਾਲਹੇੜੀ ਆਦਿ ਮੌਜੂਦ ਸਨ।