ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ
ਪਿੰਡ ਰਸੂਲਪੁਰ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ
Publish Date: Thu, 23 Apr 2026 07:27 PM (IST)
Updated Date: Thu, 23 Apr 2026 07:31 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖੇੜਾ : ਪਿੰਡ ਰਸੂਲਪੁਰ ਦੇ ਸਮੂਹ ਨਗਰ ਵਾਸੀਆਂ ਵੱਲੋਂ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾ ਕੇ ਕੀਤੀ ਗਈ, ਜਿਸ ਉਪਰੰਤ ਰਾਗੀ, ਢਾਡੀ ਅਤੇ ਕਵਿਸ਼ਰੀ ਜਥਿਆਂ ਨੇ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ। ਸਮਾਗਮ ਦੌਰਾਨ ਜਥਿਆਂ ਨੂੰ ਸਿਰਪਾਓ ਅਤੇ ਭਗਤ ਧੰਨਾ ਜੀ ਦੀ ਤਸਵੀਰ ਵਾਲੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਪਿੰਡ ਅਤੇ ਇਲਾਕੇ ਵਿੱਚ ਨਿਸ਼ਕਾਮ ਸੇਵਾ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਅਤੇ ਮਹਾਪੁਰਸ਼ਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾ ਜਿਊਂਦੀਆਂ ਰਹਿੰਦੀਆਂ ਹਨ। ਉਨ੍ਹਾਂ ਸੰਗਤ ਨੂੰ ਗੁਰੂਆਂ ਅਤੇ ਭਗਤਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਸਟੇਜ ਸਕੱਤਰ ਦੀ ਭੂਮਿਕਾ ਸਾਬਕਾ ਸਰਪੰਚ ਮੋਹਨ ਸਿੰਘ ਨੇ ਨਿਭਾਈ। ਇਸ ਮੌਕੇ ਸਰਪੰਚ ਬਲਜਿੰਦਰ ਸਿੰਘ, ਪੰਚ ਗੁਰਵਿੰਦਰ ਸਿੰਘ, ਬਲਜਿੰਦਰ ਸਿੰਘ, ਦਲਵਿੰਦਰ ਸਿੰਘ ਜਮਲਾ, ਵੀਰ ਦਵਿੰਦਰ ਸਿੰਘ, ਸਾਬਕਾ ਪੰਚ ਪਰਮਜੀਤ ਸਿੰਘ, ਹਾਕਮ ਸਿੰਘ, ਕਰਨੈਲ ਕੌਰ, ਸਾਬਕਾ ਪ੍ਰਧਾਨ ਨਛੱਤਰ ਸਿੰਘ, ਮਹਿੰਦਰ ਸਿੰਘ, ਨਾਨਕ ਸਿੰਘ, ਸੁੱਚਾ ਸਿੰਘ, ਸੁਖਬੀਰ ਸਿੰਘ ਪਟਵਾਰੀ, ਹਰਜੀਤ ਸਿੰਘ ਹੈਪੀ, ਦਮਨਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਭੀਮ ਸਿੰਘ, ਗੁਲਜ਼ਾਰ ਸਿੰਘ, ਪਾਲ ਸਿੰਘ, ਪਿੰਦਾ ਅਤੇ ਹਨੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ। ਸਮਾਗਮ ਦੌਰਾਨ ਜਲੇਬੀਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।