ਸ੍ਰੀ ਗੁਰੂ ਰਵਿਦਾਸ ਜੀ ਮਹਾਨ ਕਵੀ, ਚਿੰਤਕ, ਸਮਾਜ ਸੁਧਾਰਕ : ਨਾਗਰਾ
ਭਗਤ ਰਵਿਦਾਸ ਜੀ ਦੀ ਵਿਚਾਰਧਾਰਾ ਅੱਜ ਦੇ ਸਮੇਂ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ : ਨਾਗਰਾ
Publish Date: Sun, 01 Feb 2026 04:45 PM (IST)
Updated Date: Sun, 01 Feb 2026 04:46 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੀ ਗੁਰੂ ਰਵਿਦਾਸ ਜੀ ਮਹਾਨ ਕਵੀ, ਚਿੰਤਕ ਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਬਰਾਬਰੀ ਦਾ ਸੰਦੇਸ਼ ਦਿੰਦੇ ਹੋਏ ਆਪਸੀ ਭੇਦਭਾਵ ਨੂੰ ਖਤਮ ਕਰਨ ’ਤੇ ਜ਼ੋਰ ਦਿੱਤਾ। ਇਹ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਹਲਕਾ ਫ਼ਤਹਿਗੜ੍ਹ ਸਾਹਿਬ ਦੀਆਂ ਵੱਖ-ਵੱਖ ਥਾਵਾਂ ਵਿਖੇ ਭਗਤ ਸ਼੍ਰੀ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਭਗਤੀ ਲਹਿਰ ਦੇ ਮਹਾਨ ਉਸਰੱਈਏ ਸਨ, ਜਿਨ੍ਹਾਂ ਦੀ ਵਿਚਾਰਧਾਰਾ ਅੱਜ ਦੇ ਸਮੇਂ ਵਿਚ ਵੀ ਪੂਰੀ ਤਰ੍ਹਾਂ ਸਾਰਥਕ ਹੈ, ਜਿਸ ਨੂੰ ਸਮਾਜ ਦੇ ਹਰੇਕ ਵਰਗ ਨੂੰ ਅਪਨਾਉਣ ਦੀ ਲੋੜ ਹੈ। ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਅੰਮ੍ਰਿਤ ਰੂਪੀ ਬਾਣੀ ਦਿੱਤੀ ਹੈ, ਜਿਸ ਨੂੰ ਸਰਵਣ ਕਰ ਕੇ ਸਾਨੂੰ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਤੇ ਭਗਤਾਂ ਦੀ ਹੈ ਜਿਸ ਕਾਰਨ ਗੁਰੂ ਗ੍ਰੰਥ ਸਾਹਿਬ ਵਿਚ ਵੀ ਭਗਤਾਂ ਦੀ ਬਾਣੀ ਨੂੰ ਸ਼ਾਮਲ ਕੀਤਾ ਗਿਆ ਹੈ ਜਿਨ੍ਹਾਂ ’ਚੋਂ ਭਗਤ ਸ਼੍ਰੀ ਰਵੀਦਾਸ ਜੀ ਵੀ ਇਕ ਹਨ। ਉਨ੍ਹਾਂ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਭਗਤ ਸ਼੍ਰੀ ਰਵਿਦਾਸ ਜੀ ਵੱਲੋਂ ਵਿਖਾਏ ਮਾਰਗ ’ਤੇ ਚੱਲ ਕੇ ਸਮਾਜ ਵਿਚ ਹਰੇਕ ਵਰਗ ਦੇ ਲੋਕਾਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕੀਤੇ ਜਾਣ। ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਭਗਤ ਸ਼੍ਰੀ ਰਵਿਦਾਸ ਜੀ ਦੀ ਬਾਣੀ ਅਤੇ ਉਪਦੇਸ਼ ਅੱਜ ਦੇ ਸਮਾਜ ਲਈ ਵੀ ਉਤਨੇ ਹੀ ਪ੍ਰਸੰਗਿਕ ਹਨ, ਜਿੰਨੇ ਆਪਣੇ ਸਮੇਂ ਵਿੱਚ ਸਨ। ਉਨ੍ਹਾਂ ਨੇ ਕਿਹਾ ਕਿ ਭਗਤ ਜੀ ਨੇ ਸਾਰੀ ਮਨੁੱਖਤਾ ਨੂੰ ਇਕਸਾਰ ਦੇਖਣ, ਭਾਈਚਾਰੇ ਦੀ ਭਾਵਨਾ ਮਜ਼ਬੂਤ ਕਰਨ ਅਤੇ ਮਿਹਨਤ ਦੀ ਕਮਾਈ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਸਦਭਾਵਨਾ ਨੂੰ ਵਧਾਉਂਦੇ ਹਨ। ਇਸ ਮੌਕੇ ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਪੰਚ ਗੁਰਵਿੰਦਰ ਸਿੰਘ ਗੁਰੀ,ਸਵਰਨਦੀਪ ਸਿੰਘ, ਗਿਆਨੀ ਅਵਤਾਰ ਸਿੰਘ,ਪਰਮਪਾਲ ਸਿੰਘ,ਕੁਲਵੰਤ ਸਿੰਘ ਬਿੱਰੂ, ਭਰਭੂਰ ਸਿੰਘ,ਸਰਬਜੀਤ ਸਿੰਘ, ਮਾਸਟਰ ਕੁਲਵੰਤ ਸਿੰਘ, ਵਿਸਾਖੀ ਸਿੰਘ,ਬਲਜਿੰਦਰ ਸਿੰਘ, ਗੁਰਤੇਜ ਸਿੰਘ, ਲਖਵੀਰ ਸਿੰਘ, ਸਿੱਮੂ ਟਿਵਾਣਾ, ਲਾਡੀ ਟਿਵਾਣਾ ਆਦਿ ਹਾਜ਼ਰ ਸਨ।