ਖਬਰ) ਵਾਰ-ਵਾਰ ਪਾਰਟੀਆਂ ਬਦਲਣ ਵਾਲੇ ਮੌਕਾਪ੍ਰਸਤ ਆਗੂਆਂ ਤੋਂ ਸੁਚੇਤ ਰਹਿਣ ਲੋਕ : ਮਾਨ 2027 ਵਿੱਚ ‘ਆਪ’ ਸਰਕਾਰ ਨੂੰ ਮੁੜ ਚੁਣ ਕੇ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਜਾਰੀ ਰੱਖਣਗੇ ਲੋਕ : ਭਗਵੰਤ ਮਾਨ
Publish Date: Wed, 11 Nov 2026 07:08 PM (IST)
Updated Date: Wed, 11 Nov 2026 07:09 PM (IST)
ਫ਼ੋਟੋ ਫ਼ਾਈਲ : 11 -ਅਮਲੋਹ ਵਿਖੇ ਪੁੱਜਣ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਤੇ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ। --ਕਿਹਾ, ਵਿਕਾਸ ਤੇ ਲੋਕ ਭਲਾਈ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਗੁਰਪ੍ਰੀਤ ਮਹਿਕ, ਭੂਸ਼ਨ ਗਰਗ, ਪੰਜਾਬੀ ਜਾਗਰਣ, ਅਮਲੋਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਦੀ ਰਫ਼ਤਾਰ ਨੂੰ ਜਾਰੀ ਰੱਖਣ ਲਈ ਸਾਲ 2027 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੁੜ ਸੱਤਾ ਵਿਚ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਉਨ੍ਹਾਂ ਦਾ ਪਰਿਵਾਰ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਦੇਣ ਸਮੇਂ ਕਿਸੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਬਿਜਲੀ ਦੀਆਂ ਤਾਰਾਂ ਜ਼ਮੀਨਦੋਜ਼ ਕਰਕੇ ਪੰਜਾਬ ਨੂੰ ਖੰਭਿਆਂ ਤੋਂ ਮੁਕਤ ਕਰਨ ਦਾ ਆਪਣਾ ਸੁਪਨਾ ਵੀ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣਾ ਜੱਦੀ ਪਿੰਡ ਸਤੌਜ ਵਿਚ ਇਹ ਕੰਮ ਕੀਤਾ ਹੈ ਅਤੇ ਦੋ ਤਿੰਨ ਮਹੀਨਿਆਂ ’ਚ ਪਤਾ ਚੱਲ ਜਾਵੇਗਾ ਕੀ ਕੋਈ ਸਮੱਸਿਆ ਆ ਰਹੀ ਹੈ ਜਾਂ ਨਹੀਂ, ਇਸ ਤੋਂ ਬਾਅਦ ਪੂਰੇ ਪੰਜਾਬ ਨੂੰ ਖੰਭਿਆਂ ਤੋਂ ਮੁਕਤ ਕਰ ਦਿੱਤਾ ਜਾਵੇਗਾ। ਉਨ੍ਹਾਂ ਪਾਰਟੀਆਂ ਬਦਲਣ ਵਾਲੇ ਸਿਆਸੀ ਆਗੂਆਂ ਨੂੰ ਗਿਰਗਿਟ ਕਰਾਰ ਦਿੰਦਿਆਂ ਲੋਕਾਂ ਨੂੰ ਅਜਿਹੇ ਮੌਕਾਪ੍ਰਸਤ ਆਗੂਆਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਦੀ ਅਗਵਾਈ ਹੇਠ ਹੋਈ ਇਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਲ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਇੱਛਾ ਸ਼ਕਤੀ ਵੀ ਹੈ ਅਤੇ ਦ੍ਰਿੜ੍ਹ ਇਰਾਦਾ ਵੀ। ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਦਿੱਤਾ ਗਿਆ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਸ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਭਾਵੇਂ ਮੁਫ਼ਤ ਬਿਜਲੀ ਹੋਵੇ, ਸਿਹਤ ਸਹੂਲਤਾਂ, ਔਰਤਾਂ ਨੂੰ ਵਿੱਤੀ ਸਹਾਇਤਾ, ਸਿੱਖਿਆ ਜਾਂ ਰੁਜ਼ਗਾਰ, ਹਰ ਯੋਗ ਵਿਅਕਤੀ ਤੱਕ ਲਾਭ ਪਹੁੰਚਾਇਆ ਜਾ ਰਿਹਾ ਹੈ। ਕਾਂਗਰਸ, ਅਕਾਲੀ ਦਲ ਤੇ ਭਾਜਪਾ ’ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਵਾਇਤੀ ਪਾਰਟੀਆਂ ਹੁਣ ਸਿਆਸੀ ਤੌਰ ’ਤੇ ਅਪ੍ਰਸੰਗਿਕ ਹੋ ਚੁੱਕੀਆਂ ਹਨ। ਦਹਾਕਿਆਂ ਤੱਕ ਸੱਤਾ ’ਚ ਰਹਿਣ ਦੇ ਬਾਵਜੂਦ ਇਹ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿਚ ਅਸਫ਼ਲ ਰਹੀਆਂ। ਦਲ-ਬਦਲੂ ਆਗੂਆਂ ’ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਉਹ ਇੰਨੀ ਵਾਰ ਰੰਗ ਬਦਲਦੇ ਹਨ ਕਿ ਗਿਰਗਿਟ ਵੀ ਫਿੱਕੇ ਪੈ ਜਾਂਦੇ ਹਨ। ਅਜਿਹੇ ਆਗੂਆਂ ਦੀ ਕੋਈ ਵਿਚਾਰਧਾਰਾ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਜਿਹੜੇ ਅਕਾਲੀ ਆਗੂ ਪਹਿਲਾਂ ਭਾਜਪਾ ’ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ, ਦਿੱਲੀ ਤੇ ਹਰਿਆਣਾ ਵਿਖੇ ਸਿੱਖ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਦੇ ਦੋਸ਼ ਲਾਉਂਦੇ ਸਨ, ਉਹ ਹੁਣ ਗੱਠਜੋੜ ਲਈ ਬੇਤਾਬ ਹਨ। ਜੇਕਰ ਅਕਾਲੀ ਦਲ ਤੇ ਭਾਜਪਾ ਮੁੜ ਹੱਥ ਮਿਲਾਉਂਦੀਆਂ ਹਨ ਤਾਂ ਲੋਕ ਦੋਵਾਂ ਨੂੰ ਨਕਾਰ ਦੇਣਗੇ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਸਤਾਵਿਤ ਸਾਈਕਲ ਯਾਤਰਾ ਨੂੰ ਵੀ ਬਿਨਾਂ ਕਿਸੇ ਉਸਾਰੂ ਏਜੰਡੇ ਵਾਲਾ ਮਹਿਜ਼ ਸਿਆਸੀ ਦਿਖਾਵਾ ਕਰਾਰ ਦਿੱਤਾ। ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਆਗਾਮੀ ਸ਼ਹੀਦੀ ਸਭਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਲੱਖਾਂ ਦੀ ਗਿਣਤੀ ’ਚ ਪਹੁੰਚਣ ਵਾਲੀਆਂ ਸੰਗਤਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਸਿੱਖਿਆ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਮੁਫ਼ਤ ਸਹੂਲਤਾਂ ਨਾਲੋਂ ਸਿੱਖਿਆ ਹੀ ਗਰੀਬੀ ਦੂਰ ਕਰਨ ਦਾ ਅਸਲ ਸਾਧਨ ਹੈ। ਸਿੰਚਾਈ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ 7,200 ਕਰੋੜ ਰੁਪਏ ਖ਼ਰਚ ਕੇ ਨਹਿਰੀ ਪਾਣੀ 1,587 ਅਜਿਹੇ ਪਿੰਡਾਂ ਤੱਕ ਪਹੁੰਚਾਇਆ ਗਿਆ ਹੈ ਜਿੱਥੇ ਪਹਿਲਾਂ ਸਹੂਲਤ ਨਹੀਂ ਸੀ। ਨਹਿਰੀ ਸਿੰਚਾਈ ਅਧੀਨ ਰਕਬਾ ਸਾਲ 2022 ਦੇ 20.89 ਲੱਖ ਏਕੜ (26 ਫ਼ੀਸਦੀ) ਤੋਂ ਵਧਾ ਕੇ 60.30 ਲੱਖ ਏਕੜ (80 ਫ਼ੀਸਦੀ ਤੋਂ ਵੱਧ) ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਜਾਰੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 1,000 ਖੇਡ ਮੈਦਾਨ ਸਮਰਪਿਤ ਕੀਤੇ ਗਏ ਹਨ ਅਤੇ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਗੈਰੀ ਵੜਿੰਗ, ਲਖਵੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ, ਮਨਵਿੰਦਰ ਸਿੰਘ ਗਿਆਸਪੁਰਾ, ਦੇਵ ਮਾਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।