ਭਾਕਿਯੂ ਰਾਜੇਵਾਲ ਦੇ ਵਰਕਰ 15 ਮਈ ਨੂੰ ਗਵਰਨਰ ਹਾਊਸ ਵੱਲ ਮਾਰਚ ’ਚ ਹੋਣਗੇ ਸ਼ਾਮਲ
ਭਾਕਿਯੂ ਰਾਜੇਵਾਲ ਦੇ ਵਰਕਰ 15 ਮਈ ਨੂੰ ਗਵਰਨਰ ਹਾਊਸ ਵੱਲ ਮਾਰਚ ’ਚ ਸ਼ਾਮਲ ਹੋਣਗੇ
Publish Date: Wed, 13 May 2026 05:20 PM (IST)
Updated Date: Wed, 13 May 2026 05:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਭਾਖੜਾ ਬਿਆਸ ਪ੍ਰਬੰਧਕੀ ਬੋਰਡ ’ਚੋਂ ਪੰਜਾਬ ਦੀ ਸਥਾਈ ਮੈਂਬਰੀ ਦਾ ਹੱਕ ਖੋਹਣ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ 15 ਮਈ ਨੂੰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨਾਲ ਜੁੜੇ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਗਵਰਨਰ ਹਾਊਸ ਵੱਲ ਮਾਰਚ ਕਰਨਗੇ। ਇਹ ਜਾਣਕਾਰੀ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਡਡਿਆਣਾ ਤੇ ਜ਼ਿਲ੍ਹਾ ਯੂਥ ਪ੍ਰਧਾਨ ਜਰਨੈਲ ਸਿੰਘ ਭਟੇੜੀ ਨੇ ਪੱਤਰਕਾਰਾਂ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਮੁੱਖ ਮੰਗਾਂ ਵਿਚ ਸਰਕਾਰ ਤੋਂ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਬੇਸਨ ਸਿਧਾਂਤ ਅਨੁਸਾਰ ਹੱਲ ਕਰਵਾਉਣਾ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਾਰਾਵਾਂ 78, 79 ਅਤੇ 80 ਰੱਦ ਕਰਵਾਉਣਾ, ਪੰਜਾਬ ਦੇ ਪਾਣੀਆਂ ਸਬੰਧੀ ਕੀਤੇ ਗਏ ਸਾਰੇ ਗੈਰ ਅਸੂਲੀ ਸਮਝੌਤੇ ਤੇ ਐਵਾਰਡ ਰੱਦ ਕਰਵਾਉਣਾ, ਹਰ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਅਤੇ ਹਰ ਘਰ ਨੂੰ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਵਾਉਣਾ, ਡੈਮ ਸੇਫ਼ਟੀ ਐਕਟ ਅਤੇ ਜਲ ਸੋਧ ਐਕਟ ਰੱਦ ਕਰਵਾਉਣਾ ਅਤੇ ਦੂਸਿਤ ਪਾਣੀ ਨਹਿਰਾਂ, ਦਰਿਆਵਾਂ ਵਿਚ ਪੈਣ ਨੂੰ ਸਜ਼ਾ ਯੋਗ ਅਪਰਾਧ ਅਧੀਨ ਕਰਵਾਉਣਾ ਹੈ। ਕਿਸਾਨ ਆਗੂਆਂ ਨੇ ਇਸ ਤੋਂ ਇਲਾਵਾ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਨੂੰ ਸੌਂਪਣ ਦੀ ਮੰਗ ਵੀ ਕੀਤੀ ਹੈ।