ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Sun, 19 Apr 2026 05:08 PM (IST)
Updated Date: Mon, 20 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਿਹਗੜ੍ਹ ਸਾਹਿਬ : ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਦਿਲਾਵਰ ਸਿੰਘ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਅਤੇ ਭਾਈ ਨਿਰਮਲ ਸਿੰਘ ਵੱਲੋਂ ਅਰਦਾਸ ਕੀਤੀ ਗਈ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਰਿਆ ਨੇ ਗੁਰਮੁਖੀ ਲਿਪੀ ਦੇ ਸਿਰਜਣਹਾਰ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਸਮੁੱਚੀ ਸਿੱਖ ਕੌਮ ਲਈ ਪ੍ਰੇਰਨਾਮਈ ਦੱਸਦਿਆਂ ਲੱਖ ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਲੰਗਰ ਪਰੰਪਰਾ ਅਤੇ ਗੁਰਮੁਖੀ ਲਿਪੀ ਦੇ ਪ੍ਰਚਾਰ ਉੱਤੇ ਵੀ ਖਾਸ ਰੋਸ਼ਨੀ ਪਾਈ।
ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਗੁਰੂ ਸਾਹਿਬ ਜੀ ਵੱਲੋਂ ਗੁਰਮੁਖੀ ਲਿਪੀ ਦੀ ਦਾਤ ਅਤੇ ਮੱਲ ਅਖਾੜਿਆਂ ਦੀ ਸਥਾਪਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਗੁਰੂ ਅੰਗਦ ਦੇਵ ਜੀ ਨੇ ਗੁਰਬਾਣੀ ਦਾ ਉਪਦੇਸ਼ ਅਸੀਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਗੁਰੂ ਸਾਹਿਬ ਜੀ ਦੇ 63 ਸਲੋਕ ਦਰਜ ਹਨ ਜੋ ਰੱਬੀ ਪ੍ਰੇਮ ਅਤੇ ਸਾਂਝੀਵਾਲਤਾ ਦਾ ਸੁਨੇਹਾ ਦਿੰਦੇ ਹਨ।
ਇਸ ਮੌਕੇ ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਖਦੇਵ ਸਿੰਘ ਕੋਟਾ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਪ੍ਰਿਤਪਾਲ ਸਿੰਘ ਮੀਤ ਮੈਨੇਜਰ, ਹਰਜੀਤ ਸਿੰਘ ਰਿਕਾਰਡ ਕੀਪਰ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।