ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Sat, 08 Aug 2026 05:37 PM (IST)
Updated Date: Sun, 09 Aug 2026 04:02 AM (IST)
ਹਜ਼ੂਰੀ ਰਾਗੀ ਭਾਈ ਅਕਾਸ਼ਦੀਪ ਸਿੰਘ ਦੇ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਅੱਠਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਕਾਸ਼ਦੀਪ ਸਿੰਘ ਦੇ ਰਾਗੀ ਜਥੇ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਸਮਾਗਮ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਚਰਨਾਂ ’ਚ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਓਟ-ਆਸਰਾ ਪ੍ਰਾਪਤ ਕੀਤਾ। ਸਮਾਗਮ ਦੀ ਸਮਾਪਤੀ ਦੀ ਅਰਦਾਸ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਬਕਾ ਜੂਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਨਿਮਰਤਾ, ਸੇਵਾ, ਦਇਆ ਅਤੇ ਮਨੁੱਖਤਾ ਪ੍ਰਤੀ ਪਿਆਰ ਦਾ ਅਦੁੱਤੀ ਸੰਦੇਸ਼ ਦਿੰਦਾ ਹੈ। ਗੁਰੂ ਸਾਹਿਬ ਜੀ ਨੇ ਛੋਟੀ ਉਮਰ ’ਚ ਹੀ ਮਨੁੱਖਤਾ ਦੀ ਸੇਵਾ ਅਤੇ ਦੁਖੀਆਂ ਦੀ ਸਹਾਇਤਾ ਕਰਕੇ ਸਮੁੱਚੀ ਮਾਨਵਤਾ ਲਈ ਮਹਾਨ ਆਦਰਸ਼ ਕਾਇਮ ਕੀਤਾ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਲੋੜਵੰਦਾਂ ਦੀ ਨਿਸ਼ਕਾਮ ਸੇਵਾ ਕਰਨ ਦਾ ਸੱਦਾ ਦਿੱਤਾ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਨੇ ਸਮੂਹ ਸਾਧ-ਸੰਗਤ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾ ਕੇ ਹੀ ਸੱਚੀ ਖੁਸ਼ੀ ਅਤੇ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਮੌਕੇ ਤੇ ਮਨਮੋਹਨ ਸਿੰਘ ਮੁਕਾਰੋਂਪੁਰ ਸਾਬਕਾ ਸ਼ਹਿਰੀ ਪ੍ਰਧਾਨ ਟਰੱਸਟੀ ਮੈਂਬਰ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ, ਸ੍ਰੋਮਣੀ ਅਕਾਲੀ ਦਲ ਦੇ ਹਲਕਾ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਸੁਪਰਵਾਈਜ਼ਰ ਜੋਗਾ ਸਿੰਘ, ਸੁਖਦੇਵ ਸਿੰਘ ਕੋਟਾ, ਕੁਲਵਿੰਦਰ ਸਿੰਘ ਚੀਮਾ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਪ੍ਰਿਤਪਾਲ ਸਿੰਘ ਮੀਤ ਮੈਨੇਜਰ, ਹਰਜੀਤ ਸਿੰਘ ਰਿਕਾਰਡ ਕੀਪਰ, ਹਰਪ੍ਰੀਤ ਸਿੰਘ ਸਮੇਤ ਸੰਗਤਾਂ ਮੌਜੂਦ ਸਨ।