- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਹੋਈ, ਜਿਸ ’ਚ ਸੰਗਠਨ ਦੀ ਮਜ਼ਬੂਤੀ, ਪਾਰਟੀ ਸਰਗਰਮੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ, ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਜ਼ਿਲ੍ਹਾ ਇੰਚਾਰਜ ਕੇਡੀ ਭੰਡਾਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਤੀਸ਼ ਪੂਨੀਆ ਨੇ ਆਖਿਆ ਕਿ ਸੂਬੇ ਦੇ ਮੌਜੂਦਾ ਹਾਲਾਤ ਬੇਹੱਦ ਨਾਜ਼ੁਕ ਹੋ ਚੁੱਕੇ ਹਨ। ਉਨ੍ਹਾਂ ਪੰਜਾਬ ’ਚ ਫੈਲੇ ਨਸ਼ਿਆਂ ਦੇ ਜਾਲ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨੀ ਬਰਬਾਦ ਹੋ ਰਹੀ ਹੈ ਅਤੇ ਸਰਕਾਰ ਇਸ ’ਤੇ ਕਾਬੂ ਪਾਉਣ ’ਚ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਪੂਰੇ ਘਟਨਾਕ੍ਰਮ ਦੀ ਸੀਬੀਆਈ ਜਾਂਚ ’ਚ ਸੱਚਾਈ ਸਾਹਮਣੇ ਆਵੇਗੀ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲੇ ਬੇਨਕਾਬ ਹੋਣਗੇ। ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਸੰਕਟ ’ਚੋਂ ਕੱਢ ਸਕਦੀ ਹੈ, ਇਸ ਲਈ ਵਰਕਰ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਕੇਂਦਰ ਦੀਆਂ ਲੋਕ-ਪੱਖੀ ਨੀਤੀਆਂ ਘਰ-ਘਰ ਪਹੁੰਚਾਉਣ।