- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਸੀਐੱਸ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਦੀ ਹੋਵੇ ਸੀਬੀਆਈ ਜਾਂਚ : ਚੀਮਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪੀਸੀਐੱਸ ਮੁੱਖ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਭਾਜਪਾ ਆਗੂ ਜਗਦੀਪ ਸਿੰਘ ਚੀਮਾ ਨੇ ਸੂਬਾ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਅਮਲੋਹ ਸਥਿਤ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੀਸੀਐੱਸ ਵਰਗੀ ਵੱਕਾਰੀ ਪ੍ਰੀਖਿਆ ’ਚ ਕਥਿਤ ਧਾਂਦਲੀ ਦੇ ਦੋਸ਼ਾਂ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਦਿੱਤੀ ਹੈ। ਇਸ ਤੋਂ ਪਹਿਲਾਂ ਨਾਇਬ ਤਹਿਸੀਲਦਾਰ ਅਤੇ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੀ ਪੈਰਾਮੈਡੀਕਲ ਸਟਾਫ਼ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਹੋਣ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਨੌਜਵਾਨਾਂ ’ਚ ਭਾਰੀ ਨਿਰਾਸ਼ਾ ਹੈ। ਉਨ੍ਹਾਂ ਕਿਹਾ ਕਿ ਪੀਸੀਐੱਸ ਪ੍ਰੀਖਿਆ ਦੇ ਨਤੀਜਿਆਂ ’ਚ ਕੁਝ ਖ਼ਾਸ ਪ੍ਰੀਖਿਆ ਕੇਂਦਰਾਂ, ਕਮਰਿਆਂ ਅਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੀ ਵੱਡੀ ਗਿਣਤੀ ’ਚ ਚੋਣ ਹੋਣ ਦੇ ਤੱਥ ਸਾਹਮਣੇ ਆਏ ਹਨ, ਜੋ ਕਿ ਗੰਭੀਰ ਜਾਂਚ ਦਾ ਵਿਸ਼ਾ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਰੇ ਤੱਥ ਜਨਤਕ ਕਰਕੇ ਨੌਜਵਾਨਾਂ ਦੇ ਸ਼ੰਕੇ ਦੂਰ ਕਰੇ, ਕਿਉਂਕਿ ਇਹ ਹਜ਼ਾਰਾਂ ਮਿਹਨਤੀ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਮਾਮਲਾ ਹੈ।
ਉਨ੍ਹਾਂ ਮੰਗ ਕੀਤੀ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਇਸ ਮਾਮਲੇ ’ਚ ਦੋਸ਼ੀ ਪਾਇਆ ਜਾਵੇ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ ਤਾਂ ਜੋ ਮਿਹਨਤੀ ਅਤੇ ਯੋਗ ਉਮੀਦਵਾਰਾਂ ਨੂੰ ਇਨਸਾਫ਼ ਮਿਲ ਸਕੇ।