- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧੁੰਦ ਦੇ ਮੌਸਮ ਤੋਂ ਪਹਿਲਾਂ ਸਟਰੀਟ ਲਾਈਟਾਂ ਚਾਲੂ ਕੀਤੀਆਂ ਜਾਣ : ਪਦਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਰਦੀਆਂ ਦੇ ਮੌਸਮ ਦੀ ਸ਼ੁਰੂਆਤ ਤੇ ਆਉਣ ਵਾਲੇ ਦਿਨਾਂ ’ਚ ਧੁੰਦ ਪੈਣ ਦੀ ਸੰਭਾਵਨਾ ਨੂੰ ਦੇਖਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ ਨੇ ਨੈਸ਼ਨਲ ਹਾਈਵੇਅ-44 ਤੇ ਅਮਲੋਹ ਰੋਡ ਦੀਆਂ ਬੰਦ ਪਈਆਂ ਸਟਰੀਟ ਲਾਈਟਾਂ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ’ਚ ਫਲੋਟਿੰਗ ਰੈਸਟੋਰੈਂਟ ਤੋਂ ਭਾਦਲਾ ਚੌਕ ਤੱਕ ਹਾਈਵੇਅ ਦੀਆਂ ਲਾਈਟਾਂ ਬੰਦ ਹੋਣ ਕਾਰਨ ਰਾਤ ਸਮੇਂ ਹਨੇਰਾ ਰਹਿੰਦਾ ਹੈ, ਜਿਸ ਨਾਲ ਸੰਘਣੀ ਧੁੰਦ ਦੌਰਾਨ ਸੜਕ ਹਾਦਸਿਆਂ ਦਾ ਖ਼ਤਰਾ ਵਧ ਸਕਦਾ ਹੈ। ਪਦਮ ਨੇ ਕਿਹਾ ਕਿ ਨੈਸ਼ਨਲ ਹਾਈਵੇਅ-44 ਸ਼ਹਿਰ ਵਿੱਚੋਂ ਲੰਘਣ ਵਾਲਾ ਬਹੁਤ ਜ਼ਿਆਦਾ ਆਵਾਜਾਈ ਵਾਲਾ ਮਾਰਗ ਹੈ। ਇਸ ਤੋਂ ਇਲਾਵਾ ਅਮਲੋਹ ਰੋਡ ’ਤੇ ਵੀ ਸਟਰੀਟ ਲਾਈਟਾਂ ਲਗਾਈਆਂ ਜਾ ਚੁੱਕੀਆਂ ਹਨ, ਪਰ ਇਨ੍ਹਾਂ ਨੂੰ ਅਜੇ ਤੱਕ ਚਾਲੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਰਫ਼ ਖੰਭਿਆਂ ’ਤੇ ਲਾਈਟਾਂ ਲਗਾ ਦੇਣਾ ਹੀ ਕਾਫ਼ੀ ਨਹੀਂ, ਸਗੋਂ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਇਨ੍ਹਾਂ ਦਾ ਚੱਲਣਾ ਵੀ ਜ਼ਰੂਰੀ ਹੈ। ਉਨ੍ਹਾਂ ਪ੍ਰਸ਼ਾਸਨ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਦਿਆਂ ਲਾਈਟਾਂ ਜਲਦ ਚਾਲੂ ਕੀਤੀਆਂ ਜਾਣ ਤਾਂ ਜੋ ਧੁੰਦ ਦੇ ਮੌਸਮ ’ਚ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।