- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਆਈਆਰ ਤਹਿਤ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ ਗਣਨਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਸਬੰਧੀ ਵਿਸ਼ੇਸ਼ ਮੁਹਿੰਮ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਲਗਾਤਾਰ ਜਾਰੀ ਹੈ। ਜ਼ਿਲ੍ਹੇ ਵਿੱਚ 544 ਬੀਐਲਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਐਸਆਈਆਰ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 3 ਵਿਧਾਨ ਸਭਾ ਹਲਕਿਆਂ ਲਈ 3 ਈਆਰਓਜ਼, 6 ਏਈਆਰਓਜ਼, 15 ਐਡੀਸ਼ਨਲ ਏਈਆਰਓਜ਼, 55 ਸੈਕਟਰ ਅਫ਼ਸਰ ਅਤੇ 544 ਬੂਥ ਲੈਵਲ ਅਫ਼ਸਰ (ਬੀਐਲਓਜ਼) ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸ਼ਨ ਦਾ ਕੰਮ 24 ਜੁਲਾਈ ਤੱਕ ਕੀਤਾ ਜਾਵੇਗਾ ਜਦਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 3 ਅਗਸਤ ਤੋਂ 2 ਸਤੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 3 ਅਗਸਤ 2026 ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰੇਕ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀਐਲਓਜ਼ ਵੱਲੋਂ ਦਿੱਤੇ ਗਏ ਗਣਨਾ ਫਾਰਮਾਂ ਨੂੰ ਭਰ ਕੇ ਜਮ੍ਹਾਂ ਕਰਵਾ ਦੇਣ ਤਾਂ ਜੋ ਉਨ੍ਹਾਂ ਦੀ ਵੋਟ ਵੋਟਰ ਲਿਸਟ ’ਚ ਦਰਜ ਕੀਤੀ ਜਾ ਸਕੇ।