- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ : ਕੰਬੋਜ, ਨਾਗਰਾ

ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਭਾਜਪਾ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਪਿਛਲੇ ਕਰੀਬ 12 ਸਾਲਾਂ ਦੌਰਾਨ ਕਈ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਏ ਹਨ, ਜਿਸ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋਇਆ ਹੈ। ਇਹ ਪ੍ਰਗਟਾਵਾ ਕਰਤਾਰ ਕੰਪਲੈਕਸ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਹੋਈ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਫਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕੀਤਾ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਆਗੂਆਂ ਨੇ ਕਿਹਾ ਕਿ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਹਜ਼ਾਰਾਂ ਪਰਿਵਾਰ ਮਾਨਸਿਕ ਤੌਰ ’ਤੇ ਪ੍ਰਭਾਵਿਤ ਹੋਏ ਹਨ ਅਤੇ ਵਿਦਿਆਰਥੀਆਂ ਵਿਚ ਨਿਰਾਸ਼ਾ ਦਾ ਮਾਹੌਲ ਬਣਿਆ ਹੈ। ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦੋਸ਼ ਲਗਾਇਆ ਕਿ ਸਾਲ 2005 ਵਿਚ ਦੇਸ਼ ਦੇ 71 ਫ਼ੀਸਦੀ ਤੋਂ ਵੱਧ ਵਿਦਿਆਰਥੀ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਾਪਤ ਕਰਦੇ ਸਨ ਪਰ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਇਕ ਲੱਖ ਤੋਂ ਵੱਧ ਸਰਕਾਰੀ ਸਕੂਲ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਵੱਲ ਰੁਖ ਕਰਨਾ ਪਿਆ। ਇਸ ਨਾਲ ਸਿੱਖਿਆ ਦਾ ਵੱਡੇ ਪੱਧਰ ’ਤੇ ਨਿੱਜੀਕਰਨ ਹੋਇਆ ਤੇ ਇਸ ਦਾ ਸਿੱਧਾ ਆਰਥਿਕ ਬੋਝ ਮਾਪਿਆਂ ਦੀ ਜੇਬ ’ਤੇ ਪਿਆ। ਅੱਜ ਸਿੱਖਿਆ ਦਿਨੋਂ-ਦਿਨ ਮਹਿੰਗੀ ਹੁੰਦੀ ਜਾ ਰਹੀ ਹੈ ਅਤੇ ਆਮ ਪਰਿਵਾਰ ਲਈ ਬੱਚਿਆਂ ਨੂੰ ਪੜ੍ਹਾਉਣਾ ਮੁਸ਼ਕਲ ਬਣਦਾ ਜਾ ਰਿਹਾ ਹੈ। ਕਾਂਗਰਸ ਪਾਰਟੀ ਵਿਦਿਆਰਥੀਆਂ ਦੇ ਹੱਕਾਂ ਦੀ ਰੱਖਿਆ ਲਈ ਦੇਸ਼-ਪੱਧਰੀ ਅੰਦੋਲਨ ਸ਼ੁਰੂ ਕਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ਜੇ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਕੋਈ ਸੁਰੱਖਿਅਤ ਕਰ ਸਕਦਾ ਹੈ ਤਾਂ ਉਹ ਕਾਂਗਰਸ ਆਗੂ ਰਾਹੁਲ ਗਾਂਧੀ ਹਨ, ਜਿਨ੍ਹਾਂ ਨੇ ਪਹਿਲਾਂ ਵੀ ਨੀਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਦੇ ਮਾਮਲਿਆਂ ’ਤੇ ਆਵਾਜ਼ ਬੁਲੰਦ ਕੀਤੀ ਸੀ। ਇਸ ਮੌਕੇ ਉਨ੍ਹਾਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ੇ ਦੀ ਮੰਗ ਵੀ ਕੀਤੀ। ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਹਰਦਿਆਲ ਸਿੰਘ ਕੰਬੋਜ ਨੇ ਕਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕੀਤਾ ਗਿਆ ਹੈ। ਲੋਕ ਹੁਣ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਤੇ ਪਹਿਲਾਂ ਵੱਡੀਆਂ ਰੈਲੀਆਂ ਕਰਨ ਵਾਲੀ ਪਾਰਟੀ ਹੁਣ ਨੁੱਕੜ ਮੀਟਿੰਗਾਂ ਤੱਕ ਸੀਮਤ ਹੋ ਗਈ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਲੋਕ ਇਨ੍ਹਾਂ ਮੀਟਿੰਗਾਂ ਨੂੰ ਵੀ ਨਕਾਰ ਦੇਣਗੇ।