- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੱਤਾ ਦੇ ਨਸ਼ੇ ’ਚ ਚੂਰ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਲੈ ਰਹੇ ਟੱਕਰ : ਭੁੱਟਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਰੁੜਕੀ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਤਾ ਦੇ ਨਸ਼ੇ ’ਚ ਚੂਰ ਹੋ ਕੇ ਸਿੱਖਾਂ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟੱਕਰ ਲੈ ਰਹੇ ਹਨ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਦ ਜਾਣ-ਬੁੱਝ ਕੇ ਲੋਕ ਮਿਲਣੀ ਦੇ ਨਾਂ ’ਤੇ ਇਕੱਠ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫੋਰੈਂਸਿਕ ਲੈਬ ਦੇ ਟੈਸਟ ਮਗਰੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਆਦੇਸ਼ਾਂ ਨੂੰ ਨਾ ਮੰਨ ਕੇ ਮੁੱਖ ਮੰਤਰੀ ਸਿੱਧੇ ਤੌਰ ’ਤੇ ਟੱਕਰ ਲੈ ਰਹੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਤਿਹਾਸ ਗਵਾਹ ਹੈ ਕਿ ਜਿਸ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟੱਕਰ ਲਈ ਹੈ, ਉਸ ਦਾ ਹਮੇਸ਼ਾ ਬੁਰਾ ਹਾਲ ਹੋਇਆ ਹੈ। ਭੁੱਟਾ ਨੇ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੁਤਾਬਕ ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ, ਉਸ ਨੂੰ ਮੂੰਹ ਨਹੀਂ ਲਗਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਵੀ ਸਮਾਂ ਰਹਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਨਿਮਾਣੇ ਸਿੱਖ ਵਾਂਗ ਪੇਸ਼ ਹੋ ਕੇ ਆਪਣੀ ਗਲਤੀ ਮੰਨ ਲੈਣੀ ਚਾਹੀਦੀ ਹੈ। ਇਸ ਮੌਕੇ ਐੱਸਸੀ ਵਿੰਗ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਦਵਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਧਰਮਿੰਦਰ ਸਿੰਘ ਮੂਲੇਪੁਰ, ਚਨਾਰਥਲ ਦੇ ਸਰਕਲ ਪ੍ਰਧਾਨ ਲਖਬੀਰ ਸਿੰਘ ਸਰਾਣਾ, ਰੁੜਕੀ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ, ਡਾ. ਗੁਰਚਰਨ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਲਖਬੀਰ ਸਿੰਘ, ਬਲਵੀਰ ਸਿੰਘ, ਜੈ ਰਾਮ ਸਿੰਘ, ਨਛੱਤਰ ਸਿੰਘ, ਜਗਤਾਰ ਸਿੰਘ, ਸ਼ਿੰਗਾਰਾ ਸਿੰਘ, ਅਵਤਾਰ ਸਿੰਘ ਸੈਂਪਲੀ, ਜਸਵੀਰ ਸਿੰਘ ਚੱਕੀ ਵਾਲਾ, ਨਿਰਮਲ ਸਿੰਘ, ਕਿਸਾਨ ਆਗੂ ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ ਜੀਤਾ, ਦਰਸ਼ਨ ਸਿੰਘ, ਭਿੰਦਾ ਸਿੰਘ, ਕਾਕਾ ਸਿੰਘ, ਮੇਜਰ ਸਿੰਘ, ਨਾਜਰ ਸਿੰਘ, ਗੋਲਡੀ, ਮਨੀ, ਨਿਰਭੈ ਸਿੰਘ ਅਤੇ ਯਾਦਵਿੰਦਰ ਸਿੰਘ ਆਦਿ ਮੌਜੂਦ ਸਨ।