ਮੁੱਖ ਮੰਤਰੀ ਕਿਸਾਨਾਂ ਦੇ ਹਿੱਤ ’ਚ ਤੁਰੰਤ ਕਦਮ ਚੁੱਕਣ : ਨਾਗਰਾ
ਮੁੱਖ ਮੰਤਰੀ ਕਿਸਾਨਾਂ ਦੇ ਹਿੱਤ ’ਚ ਤੁਰੰਤ ਕਦਮ ਚੁੱਕਣ: ਨਾਗਰਾ
Publish Date: Wed, 01 Apr 2026 06:13 PM (IST)
Updated Date: Wed, 01 Apr 2026 06:16 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਨਲੀਨਾ ਖ਼ੁਰਦ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਚ ਹਾਲ ਹੀ ਵਿਚ ਹੋਈ ਬੇਮੌਸਮੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਬਚਾਉਣ ਲਈ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਜਾਣ। ਸਾਬਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਪਹਿਲਾਂ ਹੀ ਹੜ੍ਹਾਂ ਤੇ ਵੱਖ-ਵੱਖ ਕੁਦਰਤੀ ਆਫ਼ਤਾਂ ਕਾਰਨ ਆਰਥਿਕ ਸੰਕਟ ਵਿੱਚੋਂ ਲੰਘ ਰਿਹਾ ਹੈ। ਕਣਕ ਦੀ ਫ਼ਸਲ ਕਿਸਾਨ ਦੀ ਸਾਲ ਭਰ ਦੀ ਰੋਜ਼ੀ-ਰੋਟੀ ਦਾ ਆਧਾਰ ਹੁੰਦੀ ਹੈ ਅਤੇ ਕਿਸਾਨ ਇਸ ਨੂੰ ਆਪਣੇ ਪੁੱਤਰਾਂ ਵਾਂਗ ਪਾਲਦਾ ਹੈ। ਅਜਿਹੇ ਵਿਚ ਫ਼ਸਲ ਦੇ ਖ਼ਰਾਬ ਹੋਣ ਨਾਲ ਕਿਸਾਨਾਂ ਦਾ ਲੱਕ ਟੁੱਟ ਗਿਆ ਹੈ। ਨਾਗਰਾ ਨੇ ਆਪ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਹੀ ਕਿਸਾਨਾਂ ਦੇ ਮੁੱਦਿਆਂ ’ਤੇ ਗੰਭੀਰ ਨਹੀਂ ਹਨ, ਜਿਸ ਕਾਰਨ ਕਿਸਾਨ ਅੱਜ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਜੇ ਕਿਸਾਨਾਂ ਨੂੰ ਬਚਾਇਆ ਨਾ ਗਿਆ ਤਾਂ ਇਸ ਦਾ ਗੰਭੀਰ ਅਸਰ ਪੂਰੇ ਸੂਬੇ ਦੇ ਆਰਥਿਕ ਢਾਂਚੇ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਸਰਕਾਰ ਜੋ ਖ਼ੁਦ ਨੂੰ ਕਿਸਾਨ ਪੱਖੀ ਦੱਸਦੀ ਹੈ, ਹੁਣ ਕਿਸਾਨਾਂ ਦੇ ਹਿੱਤ ਵਿਚ ਕੋਈ ਵੀ ਠੋਸ ਫ਼ੈਸਲਾ ਲੈਣ ਵਿਚ ਨਾਕਾਮ ਸਾਬਤ ਹੋ ਰਹੀ ਹੈ। ਇਸ ਮੌਕੇ ਸਾਬਕਾ ਸਰਪੰਚ ਹਰਪ੍ਰੀਤ ਸਿੰਘ, ਮੰਡਲ ਪ੍ਰਧਾਨ ਗੁਰਲਾਲ ਸਿੰਘ ਲਾਲੀ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਕਾਲਾ, ਗੁਰਭੇਜ ਸਿੰਘ ਰਾਏ, ਕ੍ਰਿਸ਼ਨ ਚੰਦ, ਗੁਰਚਰਨ ਸਿੰਘ, ਦਵਿੰਦਰ ਸਿੰਘ, ਸੋਹਨ ਸਿੰਘ ਸੌਢੀ, ਰੇਮੀ ਖਾਂ, ਦਰਸ਼ਨ ਸਿੰਘ, ਸਰਿੰਦਰ ਸਿੰਘ, ਮਹਿੰਦਰ ਸਿੰਘ, ਨਾਜ਼ਰ ਖਾਂ, ਸੇਰ ਸਿੰਘ ਮਿਸਤਰੀ, ਸੁੱਚਾ ਸਿੰਘ, ਹਰਜੀਤ ਸਿੰਘ, ਰਾਮਪਾਲ ਫੌਜ਼ੀ, ਅਜੈਬ ਸਿੰਘ ਨੰਬਰਦਾਰ, ਹਰੀ ਰਾਮ ਪੰਡਤ, ਕਾਕਾ ਖਾਨ, ਅਮਨ ਸ਼ਰਮਾਂ, ਗੁਰਸੇਵਕ ਸਿੰਘ, ਸਹਿਜਪ੍ਰੀਤ ਸਿੰਘ, ਹਰੀ ਸਿੰਘ, ਗੁਰਚਰਨ ਸਿੰਘ, ਸਤਪਾਲ ਪੰਡਿਤ ਆਦਿ ਮੌਜੂਦ ਸਨ।