ਸੀਟੂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਮਜ਼ਦੂਰ ਦਿਵਸ ਮਨਾਇਆ
ਸੀਟੂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਮਜ਼ਦੂਰ ਦਿਵਸ ਮਨਾਇਆ
Publish Date: Fri, 01 May 2026 05:08 PM (IST)
Updated Date: Fri, 01 May 2026 05:11 PM (IST)
ਪੰਜਾਬੀ ਜਾਗਰਣ ਰਿਪੋਰਟਰ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਵੱਲੋਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਸੁਬਾਈ ਆਗੂ ਅੰਮ੍ਰਿਤਪਾਲ ਕੌਰ ਤੇ ਗੁਰਦਰਸ਼ਨ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਇਸ ਦੌਰਾਨ ਅੰਮ੍ਰਿਤਪਾਲ ਕੌਰ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਤੇ ਮਜ਼ਦੂਰ ਹੱਕਾਂ ਲਈ ਕੁਰਬਾਨੀਆਂ ਦੇਣ ਵਾਲੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਉਪਰੰਤ ਸੀਟੂ ਨਾਲ ਸਬੰਧਤ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਵੱਲੋਂ ਰੋਸ ਮਾਰਚ ਵੀ ਕੱਢਿਆ ਗਿਆ। ਇਸ ਮੌਕੇ ਗੁਰਦਰਸ਼ਨ ਸਿੰਘ ਨੇ ਮਜ਼ਦੂਰ ਦਿਹਾੜੇ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਅੰਮ੍ਰਿਤਪਾਲ ਕੌਰ ਨੇ ਮਜ਼ਦੂਰ ਵਰਗ ਨੂੰ ਇਕਜੁੱਟ ਹੋ ਕੇ ਸੰਘਰਸ਼ ਤੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਵੀ ਮਜ਼ਦੂਰਾਂ ਨੂੰ ਘੱਟ ਤਨਖ਼ਾਹਾਂ, ਅਸਥਿਰ ਨੌਕਰੀਆਂ ਅਤੇ ਸਮਾਜਿਕ ਸੁਰੱਖਿਆ ਦੀ ਘਾਟ ਵਰਗੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਮਾਗਮ ਨੂੰ ਰਣਜੀਤ ਸਿੰਘ ਕਾਲਗੜ੍ਹ, ਗੁਰਬਚਨ ਕੌਰ, ਦਿਲਜੀਤ ਕੌਰ, ਗੁਰਮੀਤ ਕੌਰ, ਸਤਵੰਤ ਕੌਰ, ਇੰਦਰਪਾਲ ਕੌਰ ਅਤੇ ਸੁਖਪਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹਾਜ਼ਰ ਮੈਂਬਰਾਂ ਨੇ ਮਜ਼ਦੂਰ-ਮੁਲਾਜ਼ਮ ਏਕਤਾ ਦੇ ਨਾਅਰੇ ਲਗਾਉਂਦਿਆਂ ਹੱਕਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਣ ਦਾ ਸੰਕਲਪ ਲਿਆ।