- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਤਿਹਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ’ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਲੋਕ ਮਿਲਣੀ ਪ੍ਰੋਗਰਾਮ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਇਹ ਕਦਮ ਸੂਬੇ ਦੀਆਂ ਔਰਤਾਂ ਦਾ ਮਾਣ ਵਧਾਉਣ, ਉਨ੍ਹਾਂ ਨੂੰ ਵਿੱਤੀ ਸੁਰੱਖਿਆ ਦੇਣ ਅਤੇ ਉਨ੍ਹਾਂ ਦੀ ਸਮਾਜਿਕ ਮਜ਼ਬੂਤੀ ਯਕੀਨੀ ਬਣਾਉਣ ਚੁੱਕਿਆ ਗਿਆ ਹੈ।

ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਔਰਤਾਂ ਦੇ ਆਰਥਿਕ ਮਜ਼ਬੂਤੀਕਰਨ ਲਈ ਚੁੱਕੇ ਗਏ ਇਤਿਹਾਸਕ ਕਦਮ ਤਹਿਤ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ’ਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ 1 ਜੁਲਾਈ ਨੂੰ ਲਾਭਪਾਤਰੀ ਔਰਤਾਂ ਦੇ ਬੈਂਕ ਖ਼ਾਤਿਆਂ ’ਚ ਸਿੱਧੀ ਜਮ੍ਹਾਂ ਹੋ ਜਾਵੇਗੀ। ਇਸ ਯੋਜਨਾ ਤਹਿਤ, ਦਲਿਤ ਮਾਵਾਂ ਤੇ ਭੈਣਾਂ ਨੂੰ ₹4,500 ਰੁਪਏ ਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 ਮਿਲਣਗੇ।
ਫਤਿਹਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ’ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਲੋਕ ਮਿਲਣੀ ਪ੍ਰੋਗਰਾਮ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਇਹ ਕਦਮ ਸੂਬੇ ਦੀਆਂ ਔਰਤਾਂ ਦਾ ਮਾਣ ਵਧਾਉਣ, ਉਨ੍ਹਾਂ ਨੂੰ ਵਿੱਤੀ ਸੁਰੱਖਿਆ ਦੇਣ ਅਤੇ ਉਨ੍ਹਾਂ ਦੀ ਸਮਾਜਿਕ ਮਜ਼ਬੂਤੀ ਯਕੀਨੀ ਬਣਾਉਣ ਚੁੱਕਿਆ ਗਿਆ ਹੈ। ਸੀਐੱਮ ਨੇ ਕਿਹਾ ਕਿ ਅੱਜ ਤੋਂ ਨੌਂ ਦਿਨਾਂ ਬਾਅਦ, 1 ਜੁਲਾਈ ਨੂੰ, 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ ’ਤੇ ਉਨ੍ਹਾਂ ਦੇ ਖਾਤਿਆਂ ’ਚ ਵਿੱਤੀ ਸਹਾਇਤਾ ਜਮ੍ਹਾਂ ਹੋਣ ਦੇ ਮੈਸੇਜ ਪਹੁੰਚ ਜਾਣਗੇ। ਇਹ ਪੈਸਾ ਬਿਨਾਂ ਕਿਸੇ ਵਿਚੋਲੇ ਦੇ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਟ੍ਰਾਂਸਫਰ ਕੀਤਾ ਜਾਵੇਗਾ। ਜਿਹੜੀਆਂ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਅਧੀਨ ਯੋਗ ਹੋਣਗੀਆਂ। ਪੰਜਾਬ ’ਚ ਲਗਭਗ 97% ਔਰਤਾਂ ਨੂੰ ਇਸ ਪਹਿਲਕਦਮੀ ਤੋਂ ਲਾਭ ਹੋਣ ਦੀ ਉਮੀਦ ਹੈ ਤੇ ਪੰਜਾਬ ਸਰਕਾਰ ਨੇ ਇਸਦੇ ਲਈ ₹9,300 ਕਰੋੜ ਦਾ ਬਜਟ ਪ੍ਰਬੰਧ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ 'ਆਪ' ਸਰਕਾਰ ਪੰਜਾਬ ’ਚ ਰਹੇਗੀ, ਸਹਾਇਤਾ ਨਿਰਵਿਘਨ ਜਾਰੀ ਰਹੇਗੀ।
ਇਸ ਦੌਰਾਨ ਅਕਾਲੀ ਦਲ ’ਤੇ ਤਿੱਖੇ ਹਮਲੇ ਕਰਦਿਆਂ ਸੀਐੱਮ ਨੇ ਕਿਹਾ ਕਿ ਉਨ੍ਹਾਂ ਨੇ ਹੀ ਪਹਿਲੀ ਵਾਰ ਸੰਸਦ ’ਚ ਸਾਹਿਬਜ਼ਾਦਿਆਂ ਨੂੰ ਸ਼ਰਧਾਂਜ਼ਲੀ ਦਿਵਾਈ ਤੇ ਬੇਅਦਬੀ ਵਿਰੋਧੀ ਕਾਨੂੰਨ ਬਣਾਇਆ, ਇਸ ਲਈ ਉਹ ਪੰਥ ਦੋਖੀ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਕਾਨੂੰਨ ਦਾ ਵਿਰੋਧ ਕਰਨ ਵਾਲੇ ‘ਅਕਾਲੀ’ ਹੀ ਬੇਅਦਬੀ ਦੇ ਦੋਸ਼ੀ ਹਨ।
ਮੁੱਖ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ’ਤੇ ਹੀ ਖ਼ਰਚ ਕਰ ਰਹੀ ਹੈ। ਸੂਬਾ ਸਰਕਾਰ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰ ’ਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ’ਚ ਬਣਾਏ ਗਏ ਆਮ ਆਦਮੀ ਕਲੀਨਿਕਾਂ ਤੋਂ ਲੱਖਾਂ ਲੋਕ ਮੁਫ਼ਤ ਇਲਾਜ ਕਰਵਾ ਕੇ ਲਾਭ ਲੈ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਇਆ ਜਾ ਰਿਹਾ ਹੈ ਤਾਂ ਜੋ ਗਰੀਬ ਬੱਚਿਆਂ ਨੂੰ ਵੀ ਉੱਚ ਮਿਆਰੀ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਜਿਸ ਨਾਲ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਸਾਨਾਂ ਦੀ ਗੱਲ ਕਰਦਿਆਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਸਰਕਾਰ ਨਵੀਆਂ ਨੀਤੀਆਂ ਲਿਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਧਿਕਾਰੀ ਜਾਂ ਨੇਤਾ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਲੁੱਟ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਉਨ੍ਹਾਂ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਚਨਾਰਥਲ ਕਲਾਂ ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦਾ ਚੈੱਕ ਸੌਂਪਦੇ ਹੋਏ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਹਰ ਮਸਲੇ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਗੁਰਵਿੰਦਰ ਸਿੰਘ ਢਿੱਲੋ, ਬਲਵੀਰ ਸਿੰਘ ਸੋਢੀ ਤੇ ਹੋਰ ਆਗੂਆਂ ਤੋਂ ਇਲਾਵਾ ਇਲਾਕਾ ਵਾਸੀ, ਪਾਰਟੀ ਵਰਕਰ ਮੌਜੂਦ ਸਨ।