- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਨੇਡਾ ਦੀ ਸੁਪਰੀਮ ਕੋਰਟ ਦਾ ਫ਼ੈਸਲਾ ਸਿੱਖਾਂ ਦੀ ਧਾਰਮਿਕ ਆਜ਼ਾਦੀ ਲਈ ਗੰਭੀਰ ਚਿੰਤਾ ਦਾ ਵਿਸ਼ਾ : ਚਾਹਲ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਕੈਨੇਡਾ ਦੀ ਸੁਪਰੀਮ ਕੋਰਟ ਵੱਲੋਂ 27 ਨਵੰਬਰ ਨੂੰ ਕਿਊਬੈਕ ਦੇ ਵਿਵਾਦਤ ਬਿੱਲ 21 ਦੇ ਜ਼ਿਆਦਾਤਰ ਹਿੱਸੇ ਨੂੰ ਬਰਕਰਾਰ ਰੱਖਣ ਦੇ ਫ਼ੈਸਲੇ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਇਸ ਕਾਨੂੰਨ ਤਹਿਤ ਸਰਕਾਰੀ ਅਹੁਦਿਆਂ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਦਸਤਾਰ, ਹਿਜਾਬ ਤੇ ਹੋਰ ਧਾਰਮਿਕ ਚਿੰਨ੍ਹ ਪਹਿਨਣ ਤੋਂ ਰੋਕਿਆ ਗਿਆ ਹੈ। ਸਤਨਾਮ ਸਿੰਘ ਚਾਹਲ ਨੇ ਕਿਹਾ ਕਿ ਦਸਤਾਰ ਸਿੱਖ ਧਰਮ ਦੀ ਬੁਨਿਆਦੀ ਪਛਾਣ ਹੈ ਤੇ ਨੌਕਰੀ ਲਈ ਦਸਤਾਰ ਉਤਾਰਨ ਦੀ ਸ਼ਰਤ ਲਗਾਉਣਾ ਧਾਰਮਿਕ ਆਜ਼ਾਦੀ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਧਾਰਾ 33 (‘ਨਾਟਵਿਦਸਟੈਂਡਿੰਗ ਕਲਾਜ਼’) ਦੀ ਵਰਤੋਂ ਤਹਿਤ ਬਿੱਲ 21 ਦੇ ਜ਼ਿਆਦਾਤਰ ਹਿੱਸਿਆਂ ਨੂੰ ਬਰਕਰਾਰ ਰੱਖਿਆ ਹੈ, ਪਰ ਅਦਾਲਤਾਂ ਕੋਲ ਕਿਸੇ ਵੀ ਕਾਨੂੰਨ ਨੂੰ ਚਾਰਟਰ ਦੇ ਅਧਿਕਾਰਾਂ ਨਾਲ ਅਸੰਗਤ ਕਰਾਰ ਦੇਣ ਦਾ ਅਧਿਕਾਰ ਮੌਜੂਦ ਹੈ। ਨਾਪਾ ਨੇ ਕਿਊਬੈਕ ਤੇ ਕੈਨੇਡਾ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਿੱਖ ਸੰਸਥਾਵਾਂ ਤੇ ਮਨੁੱਖੀ ਅਧਿਕਾਰਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਇਸ ਕਾਨੂੰਨ ਦੀ ਸਮੀਖਿਆ ਕਰਨ, ਤਾਂ ਜੋ ਕਿਸੇ ਵੀ ਸਿੱਖ ਨਾਗਰਿਕ ਨੂੰ ਆਪਣੀ ਧਾਰਮਿਕ ਮਰਯਾਦਾ ਨਿਭਾਉਣ ਕਾਰਨ ਸਰਕਾਰੀ ਨੌਕਰੀ ਤੋਂ ਵਾਂਝਾ ਨਾ ਰਹਿਣਾ ਪਵੇ। ਚਾਹਲ ਨੇ ਦੁਨੀਆ ਭਰ ਦੀਆਂ ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਆਗੂਆਂ ਨੂੰ ਵੀ ਇਸ ਮਾਮਲੇ ’ਤੇ ਸ਼ਾਂਤਮਈ ਤੇ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।