ਪੱਤਰਕਾਰਾਂ ’ਤੇ ਪਰਚੇ ਤੇ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਦੀ ਕੀਤੀ ਨਿਖੇਧੀ
ਪੱਤਰਕਾਰਾਂ ਤੇ ਪਰਚੇ ਅਤੇ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਦੀ ਨਿਖੇਧੀ
Publish Date: Fri, 02 Jan 2026 05:15 PM (IST)
Updated Date: Fri, 02 Jan 2026 05:17 PM (IST)
ਫ਼ੋਟੋ ਫ਼ਾਈਲ : 3 ਹਰਿੰਦਰ ਸਿੰਘ ਚਨਾਰਥਲ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਹਰਿੰਦਰ ਸਿੰਘ ਚਨਾਰਥਲ ਨੇ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ’ਤੇ ਪੁਲਿਸ ਕੇਸ ਦਰਜ ਕਰਨ ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਚਨਾਰਥਲ ਨੇ ਕਿਹਾ ਕਿ ਲੁਧਿਆਣਾ ਪੁਲਿਸ ਵੱਲੋਂ ਮਨਜਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ, ਮਾਨਿਕ ਗੋਇਲ ਸਮੇਤ 10 ਪੱਤਰਕਾਰਾਂ ਤੇ ਆਰਟੀਆਈ ਕਾਰਕੁੰਨਾਂ ਖ਼ਿਲਾਫ਼ ਦਰਜ ਪਰਚਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ’ਤੇ ਇਲਜ਼ਾਮ ਲਾਇਆ ਕਿ ਉਹ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਲੋਕਾਂ ਨੂੰ ਹੋ ਰਹੇ ਆਰਥਿਕ ਸ਼ੋਸ਼ਣ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਚਨਾਰਥਲ ਨੇ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਨੂੰ ਵੀ ਤਾਨਾਸ਼ਾਹੀ ਕਦਮ ਕਰਾਰ ਦਿੱਤਾ। ਉਨ੍ਹਾਂ ਪੱਤਰਕਾਰਾਂ ਵੱਲੋਂ ਝੂਠੇ ਪਰਚਿਆਂ ਖ਼ਿਲਾਫ਼ ਚੁੱਕੇ ਜਾ ਰਹੇ ਕਿਸੇ ਵੀ ਸੰਘਰਸ਼ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਨਾਲ ਹੀ ਮੰਗ ਕੀਤੀ ਕਿ ਪੱਤਰਕਾਰਾਂ ਖ਼ਿਲਾਫ਼ ਦਰਜ ਪਰਚਾ ਤੁਰੰਤ ਰੱਦ ਕੀਤਾ ਜਾਵੇ ਅਤੇ ਮੁਕੇਸ਼ ਮਲੌਦ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।