- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦਾ ਸਿੱਖਿਆ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਨੀਟ ਵਰਗੀ ਵੱਕਾਰੀ ਪ੍ਰੀਖਿਆ ਦਾ ਪੇਪਰ ਲੀਕ ਹੋਣਾ ਬਹੁਤ ਹੀ ਗੰਭੀਰ ਮਾਮਲਾ ਹੈ।

ਗੁਰਪ੍ਰੀਤ ਮਹਿਕ, ਫ਼ਤਿਹਗੜ੍ਹ ਸਾਹਿਬ: ਦੇਸ਼ ਭਰ ਵਿੱਚ ਚਰਚਾ ਦਾ ਕੇਂਦਰ ਬਣੇ ਨੀਟ (NEET) ਪੇਪਰ ਲੀਕ ਮਾਮਲੇ ਨੂੰ ਲੈ ਕੇ ਜਿਲ੍ਹਾ ਕਾਂਗਰਸ ਕਮੇਟੀ ਫ਼ਤਿਹਗੜ੍ਹ ਸਾਹਿਬ ਵੱਲੋਂ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਿਹਗੜ੍ਹ ਸਾਹਿਬ ਦੇ ਬਾਹਰ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸੀਨੀਅਰ ਕਾਂਗਰਸੀ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕਰਕੇ ਨੌਜਵਾਨਾਂ ਨਾਲ ਹੋਏ ਅਨਿਆਏ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕਰਦਿਆਂ ਨੀਟ ਪ੍ਰੀਖਿਆ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ।
ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦਾ ਸਿੱਖਿਆ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਨੀਟ ਵਰਗੀ ਵੱਕਾਰੀ ਪ੍ਰੀਖਿਆ ਦਾ ਪੇਪਰ ਲੀਕ ਹੋਣਾ ਬਹੁਤ ਹੀ ਗੰਭੀਰ ਮਾਮਲਾ ਹੈ।
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਨੀਟ ਪ੍ਰੀਖਿਆ ਲਈ ਲੱਖਾਂ ਵਿਦਿਆਰਥੀ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਉਨ੍ਹਾਂ ਦੇ ਮਾਪੇ ਵੀ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵੱਡੀਆਂ ਉਮੀਦਾਂ ਰੱਖਦੇ ਹਨ। ਪਰ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਮਿਹਨਤੀ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਪ੍ਰੀਖਿਆ ਦਾ ਮਾਮਲਾ ਨਹੀਂ, ਸਗੋਂ ਦੇਸ਼ ਦੇ ਭਵਿੱਖ ਨਾਲ ਜੁੜਿਆ ਵੱਡਾ ਘਪਲਾ ਹੈ।
ਨਾਗਰਾ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਦੇ ਰਾਜ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸਰਕਾਰੀ ਨੌਕਰੀਆਂ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਅਤੇ ਪਾਰਦਰਸ਼ਤਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰਹੇਗਾ: ਰਾਮਗੜ੍ਹ
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਆਵਾਜ਼ ਉਠਾਉਂਦੀ ਆਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨੀਟ ਪੇਪਰ ਲੀਕ ਮਾਮਲੇ ਦੇ ਪੀੜਤ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।
ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।
ਇਸ ਮੌਕੇ ਵੱਖ-ਵੱਖ ਫਰੰਟਲ ਸੰਗਠਨਾਂ,ਸੇਵਾ ਦਲ,ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ. ਸੀ ਸੈੱਲ, ਬੀ.ਸੀ ਸੈੱਲ ਤੇ ਜਿਲ੍ਹਾ ਕਾਂਗਰਸ ਕਮੇਟੀ,ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।