- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਆਈਆਰ ਮੁਹਿੰਮ ਦੀ ਸਫ਼ਲਤਾ ਲਈ ਕਾਂਗਰਸ ਦੇ ਬੀਐਲਏ-2 ਪੂਰੀ ਤਨਦੇਹੀ ਨਾਲ ਨਿਭਾਉਣ ਆਪਣੀ ਜ਼ਿੰਮੇਵਾਰੀ : ਨਾਗਰਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਕਰਤਾਰ ਕੰਪਲੈਕਸ ਫਤਹਿਗੜ੍ਹ ਸਾਹਿਬ ਵਿਖੇ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸਆਈਆਰ) ਮੁਹਿੰਮ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕੀਤਾ ਗਿਆ। ਇਸ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਫਤਹਿਗੜ੍ਹ ਸਾਹਿਬ ਦੇ ਕੋਆਰਡੀਨੇਟਰ ਮਨੀਸ਼ ਬਾਂਸਲ ਵੱਲੋਂ ਕੀਤੀ ਗਈ। ਪ੍ਰੋਗਰਾਮ ਵਿਚ ਕਾਂਗਰਸ ਪਾਰਟੀ ਦੇ ਬੀਐਲਏ-2, ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਟ੍ਰੇਨਿੰਗ ਦੌਰਾਨ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਯੋਗ ਵੋਟਰਾਂ ਦੇ ਨਾਮ ਸ਼ਾਮਲ ਕਰਵਾਉਣ, ਗਲਤ ਐਂਟਰੀਆਂ ਦੀ ਸੋਧ ਅਤੇ ਬੂਥ ਪੱਧਰ ’ਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਸਹੀ, ਪਾਰਦਰਸ਼ੀ ਤੇ ਅਪਡੇਟ ਵੋਟਰ ਸੂਚੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਬੀਐਲਏ-2 ਇਸ ਮੁਹਿੰਮ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਰ ਘਰ ਤੱਕ ਪਹੁੰਚ ਬਣਾਉਣ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵੋਟਰ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਤੋਂ ਵਾਂਝਾ ਨਾ ਰਹਿ ਜਾਵੇ। ਮਨੀਸ਼ ਬਾਂਸਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਬੂਥ ’ਤੇ ਸਰਗਰਮੀ ਨਾਲ ਕੰਮ ਕਰਨਾ ਅਤੇ ਵੋਟਰ ਸੂਚੀਆਂ ਦੀ ਬਾਰੀਕੀ ਨਾਲ ਜਾਂਚ ਕਰਨੀ ਸਮੇਂ ਦੀ ਮੁੱਖ ਲੋੜ ਹੈ। ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨੂੰ ਵੱਖ-ਵੱਖ ਫਾਰਮਾਂ, ਆਨਲਾਈਨ ਪ੍ਰਕਿਰਿਆਵਾਂ ਤੇ ਮੈਦਾਨੀ ਪੱਧਰ ’ਤੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਇੱਕ ਇੰਟਰਐਕਟਿਵ ਸੈਸ਼ਨ ਵੀ ਕਰਵਾਇਆ ਗਿਆ, ਜਿਸ ਦੌਰਾਨ ਵਰਕਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦਿੱਤੇ ਗਏ ਅਤੇ ਉਨ੍ਹਾਂ ਦੀਆਂ ਸ਼ੰਕਾਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਨਾਗਰਾ ਅਤੇ ਬਾਂਸਲ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਲੋਕਤੰਤਰੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਇਸ ਮੌਕੇ ਹਾਜ਼ਰ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ-ਆਪਣੇ ਬੂਥਾਂ ’ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਜ਼ਿੰਮੇਵਾਰੀ ਨਾਲ ਕੰਮ ਕਰਦੇ ਹੋਏ ਐਸਆਈਆਰ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਵੱਖ-ਵੱਖ ਫਰੰਟਲ ਸੰਗਠਨਾਂ, ਸੇਵਾ ਦਲ, ਮਹਿਲਾ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐਸਸੀ ਸੈੱਲ, ਬੀਸੀ ਸੈੱਲ, ਬਲਾਕ ਕਾਂਗਰਸ, ਸਾਬਕਾ ਕੌਂਸਲਰ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਮੌਜੂਦ ਸਨ।