ਕੇਂਦਰ ਤੇ ਰਾਜ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਪਰੇਸ਼ਾਨ : ਨਾਗਰਾ
ਵਰਕਰਾਂ ਦੀ ਮਿਹਨਤ ਨਾਲ 2027 ਵਿਚ ਕਾਂਗਰਸ ਦੀ ਸਰਕਾਰ ਬਣੇਗੀ: ਨਾਗਰਾ
Publish Date: Thu, 26 Mar 2026 06:00 PM (IST)
Updated Date: Thu, 26 Mar 2026 06:02 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਆਉਣ ਵਾਲੇ 2027 ਦੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਪਿੰਡ ਭਮਾਰਸੀ ਬੁਲੰਦ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਵਿਚ ਕਾਂਗਰਸ ਪਾਰਟੀ ਪ੍ਰਤੀ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ ਅਤੇ ਮੌਜੂਦਾ ਸਰਕਾਰ ਦੀਆਂ ਨਾਕਾਮ ਨੀਤੀਆਂ ਤੋਂ ਲੋਕ ਨਿਰਾਸ਼ ਹਨ। ਉਨ੍ਹਾਂ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ, ਮਜ਼ਦੂਰਾਂ ਤੇ ਹਰ ਵਰਗ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਨੇ ਵਰਕਰਾਂ ਨੂੰ ਇਕਜੁੱਟ ਹੋ ਕੇ ਮਜ਼ਬੂਤੀ ਨਾਲ ਕੰਮ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇ ਅਸੀਂ ਸਭ ਮਿਲ ਕੇ ਮਿਹਨਤ ਕਰਾਂਗੇ ਤਾਂ 2027 ਵਿਚ ਕਾਂਗਰਸ ਦੀ ਸਰਕਾਰ ਬਣਾਉਣਾ ਯਕੀਨੀ ਬਣੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਨਹੀਂ ਮਿਲ ਰਹੇ ਅਤੇ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ। ਕਾਂਗਰਸ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈ ਕੇ ਲੋਕਾਂ ਲਈ ਸੁਧਾਰ ਲਿਆਵੇਗੀ। ਨਾਗਰਾ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨਾਲ ਹੀ ਕਾਂਗਰਸ ਮੁੜ ਮਜ਼ਬੂਤ ਹੋ ਰਹੀ ਹੈ ਅਤੇ ਹਰ ਹਲਕੇ ਵਿਚ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲੀ ਤਾਕਤ ਹਨ ਅਤੇ ਉਨ੍ਹਾਂ ਦੀ ਮਿਹਨਤ ਨਾਲ ਹੀ ਜਿੱਤ ਸੰਭਵ ਹੈ। ਉਨ੍ਹਾਂ ਨੇ ਵਰਕਰਾਂ ਨੂੰ ਆਗਾਮੀ ਚੋਣਾਂ ਲਈ ਤਿਆਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਹਰ ਬੂਥ ਪੱਧਰ ’ਤੇ ਮਜ਼ਬੂਤੀ ਨਾਲ ਕੰਮ ਕਰਨਾ ਹੋਵੇਗਾ ਤਾਂ ਜੋ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਦਿਵਾਈ ਜਾ ਸਕੇ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਕਾਲਾ, ਗੁਰਜੰਟ ਸਿੰਘ, ਗੁਰਮੁੱਖ ਸਿੰਘ ਟੈਣੀ, ਜਗਜੀਤ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਕਮਲਜੀਤ ਸਿੰਘ, ਬਕਸ਼ੀਸ਼ ਸਿੰਘ, ਦਮਨਪ੍ਰੀਤ ਸਿੰਘ, ਸਰਦਾਰਾ ਸਿੰਘ, ਗੁਰਮੀਤ ਸਿੰਘ ਕਾਲਾ, ਜਸਵੰਤ ਸਿੰਘ, ਮੋਹਣ ਸਿੰਘ, ਜਸਵੀਰ ਕੌਰ, ਗੁਰਸੇਵਕ ਸਿੰਘ, ਸੋਨੀ ਮਲਕੋਮਾਜਰਾ, ਗੁਰਮੁੱਖ ਸਿੰਘ, ਜਗੀਰ ਸਿੰਘ, ਮੇਜਰ ਸਿੰਘ, ਜਗਜੀਤ ਸਿੰਘ, ਹਰਵਿੰਦਰ ਕੌਰ ਤੇ ਹੋਰ ਪਿੰਡ ਵਾਸੀ ਮੌਜੂਦ ਸਨ।