
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਾਂਗਰਸ ਨੇ ਹਮੇਸ਼ਾ ਜੋ ਕਿਹਾ, ਉਹ ਕਰਕੇ ਦਿਖਾਇਆ : ਡਾ. ਅਮਰ ਸਿੰਘ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਕਾਂਗਰਸ ਪਾਰਟੀ ਨੇ ਹਮੇਸ਼ਾ ਆਪਣੇ ਵਾਅਦਿਆਂ ਨੂੰ ਅਮਲ ’ਚ ਲਿਆਂਦਾ ਹੈ ਅਤੇ ਪੰਜਾਬ ਦੇ ਲੋਕਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਇਹ ਪ੍ਰਗਟਾਵਾ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ ਨੇ ਪਿੰਡ ਬਧੌਛੀ ਕਲਾਂ ਵਿਖੇ ਵਾਲਮੀਕਿ ਧਰਮਸ਼ਾਲਾ ਲਈ ਐੱਮਪੀ ਲੈੱਡ ਫੰਡ ’ਚੋਂ 3 ਲੱਖ ਰੁਪਏ ਦਾ ਚੈੱਕ ਸੌਂਪਣ ਮੌਕੇ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ। ਡਾ. ਅਮਰ ਸਿੰਘ ਤੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹਰ ਵਰਗ ਦੀ ਭਲਾਈ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨੂੰ ਤਰਜੀਹ ਦਿੱਤੀ ਹੈ। ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਹਰ ਵਰਗ ਨਿਰਾਸ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਪਹਿਲਾਂ ਵਾਂਗ ਲੋਕ ਪੱਖੀ ਨੀਤੀਆਂ ਲਾਗੂ ਕੀਤੀਆਂ ਜਾਣਗੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਭੁਪਿੰਦਰ ਸਿੰਘ ਬਧੌਛੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਗੁਰਭੇਜ ਸਿੰਘ ਰਾਏ, ਹਰਕ੍ਰਿਸ਼ਨ ਸਿੰਘ ਬਧੌਛੀ, ਰਵਿੰਦਰ ਸਿੰਘ ਹਰੀਪੁਰ, ਸੁਰਿੰਦਰ ਸਿੰਘ ਪੰਚ, ਬਾਲਮੀਕ ਸਭਾ ਦੇ ਪ੍ਰਧਾਨ ਕ੍ਰਿਸ਼ਨ ਲਾਲ, ਪਰਮਿੰਦਰ ਸਿੰਘ, ਕੁਲਦੀਪ ਸਿੰਘ, ਲਖਵੀਰ ਸਿੰਘ, ਗੁਰਜੰਟ ਸਿੰਘ ਬਿੱਟਾ, ਬਲਵਿੰਦਰ ਬਾਲੀ, ਸੁਖਜੀਤ ਸਿੰਘ, ਗੁਰਿੰਦਰ ਸਿੰਘ, ਤਰਸੇਮ ਸਿੰਘ ਅਤੇ ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।