ਫਤਹਿਗੜ੍ਹ ਸਾਹਿਬ ’ਚ ‘ਸੰਵਿਧਾਨ ਬਚਾਓ, ਦੇਸ਼ ਬਚਾਓ’ ਮੁਹਿੰਮ ਤਹਿਤ ਕਾਂਗਰਸ ਦੀ ਵੱਡੀ ਜ਼ਿਲ੍ਹਾ ਪੱਧਰੀ ਮੀਟਿੰਗ

ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ ‘ਸੰਵਿਧਾਨ ਬਚਾਓ, ਦੇਸ਼ ਬਚਾਓ’ ਮੁਹਿੰਮ ਦੇ ਤਹਿਤ ਫਤਹਿਗੜ੍ਹ ਸਾਹਿਬ ਦੇ ਕਰਤਾਰ ਕੰਪਲੈਕਸ ਵਿਚ ਇਕ ਵੱਡੀ ਜ਼ਿਲ੍ਹਾ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਹਲਕਾ ਫਤਹਿਗੜ੍ਹ ਸਾਹਿਬ, ਅਮਲੋਹ ਅਤੇ ਬੱਸੀ ਪਠਾਣਾਂ ਤੋਂ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਬਹੁਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੀ ਅਗਵਾਈ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਕੀਤੀ ਗਈ। ਦੋਵਾਂ ਆਗੂਆਂ ਨੇ ਮੌਜੂਦਾ ਰਾਜਨੀਤਿਕ ਪਰੀਪੇਖ ’ਤੇ ਖੁੱਲ੍ਹ ਕੇ ਵਿਚਾਰ ਰੱਖਦਿਆਂ ਬੀਜੇਪੀ ਅਤੇ ਆਰਐੱਸਐੱਸ ’ਤੇ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰਿਕ ਢਾਂਚੇ ਨੂੰ ਕਮਜ਼ੋਰ ਕਰਨ ਦੇ ਗੰਭੀਰ ਦੋਸ਼ ਲਗਾਏ। ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਡਾ. ਭੀਮ ਰਾਓ ਅੰਬੇਡਕਰ ਦੀ ਬੇਮਿਸਾਲ ਬੁੱਧੀਮਤਾ ਅਤੇ ਦੂਰਦਰਸ਼ੀਤਾ ਦਾ ਨਤੀਜਾ ਹੈ, ਜਿਸ ਨੇ ਦੇਸ਼ ਦੇ ਹਰ ਨਾਗਰਿਕ ਨੂੰ ਬਰਾਬਰੀ ਅਤੇ ਅਧਿਕਾਰ ਦੀ ਲਕੀਰ ’ਤੇ ਲਿਆ ਕੇ ਖੜ੍ਹਾ ਕੀਤਾ। ਉਨ੍ਹਾਂ ਕਿਹਾ ਕਿ ਬੀਜੇਪੀ ਅਤੇ ਆਰਐਸਐਸ ਵੱਲੋਂ ਸੰਵਿਧਾਨੀ ਸੰਸਥਾਵਾਂ ’ਤੇ ਹੋ ਰਹੇ ਹਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ ਅਤੇ ਕਾਂਗਰਸ ਇਸ ਤਰ੍ਹਾਂ ਦੀਆਂ ਹਰ ਕੋਸ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਬੀਜੇਪੀ ਲੋਕਾਂ ਵਿਚ ਨਫ਼ਰਤ ਦੇ ਮਾਹੌਲ ਨੂੰ ਖੜ੍ਹਾ ਕਰਕੇ ਰਾਜਨੀਤੀ ਕਰ ਰਹੀ ਹੈ, ਜੋ ਦੇਸ਼ ਦੀ ਏਕਤਾ ਲਈ ਖ਼ਤਰਾ ਹੈ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਜੇਪੀ ਸਰਕਾਰ ਵੱਲੋਂ ਲੋਕਤੰਤਰਿਕ ਮੁੱਲਾਂ ਅਤੇ ਸੰਵਿਧਾਨੀ ਸੰਸਥਾਵਾਂ ਨੂੰ ਤੋੜਣ-ਮਰੋੜਣ ਦੇ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਕਦੇ ਵੀ ਕਬੂਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਜੇਪੀ ਵੱਲੋਂ ਚੋਣਾਂ ਦੌਰਾਨ ਵੱਡੇ ਪੱਧਰ ’ਤੇ ਧਾਂਦਲੀਆਂ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਦਾ ਕਾਂਗਰਸ ਵੱਲੋਂ ਪੂਰੀ ਤਰ੍ਹਾਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਹ ਧਾਂਦਲੀਆਂ ਬੇਨਕਾਬ ਕੀਤੀਆਂ ਜਾਣਗੀਆਂ। ਨਾਗਰਾ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ “ਸੰਵਿਧਾਨ ਬਚਾਓ, ਦੇਸ਼ ਬਚਾਓ” ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਤਿਆਰ ਰਹਿਣ ਅਤੇ ਸੰਗਠਨਕ ਤੌਰ ’ਤੇ ਇਕਜੁੱਟ ਹੋਕੇ ਮਜ਼ਬੂਤੀ ਨਾਲ ਲੋਕਾਂ ਤੱਕ ਕਾਂਗਰਸ ਦੀ ਆਵਾਜ਼ ਪਹੁੰਚਾਉਣ।
ਮੀਟਿੰਗ ਦੌਰਾਨ ਜ਼ਿਲ੍ਹਾ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੰਚ ਉੱਤੇ ਮੌਜੂਦ ਸੀਨੀਅਰ ਆਗੂਆਂ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਕਾਂਗਰਸੀ ਵਰਕਰਾਂ ਵਿਚ ਜੋਸ਼ ਭਰਨ ਅਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਮੀਟਿੰਗ ਦੇ ਅੰਤ ਵਿਚ ਸਾਰੇ ਵਰਕਰਾਂ ਅਤੇ ਆਗੂਆਂ ਨੇ ਮਿਲ ਕੇ ਇਹ ਸੰਕਲਪ ਲਿਆ ਕਿ ਉਹ ਦੇਸ਼ ਦੇ ਸੰਵਿਧਾਨ, ਲੋਕਤੰਤਰ ਅਤੇ ਸੈਕੂਲਰ ਮੁੱਲਾਂ ਦੀ ਰੱਖਿਆ ਲਈ ਇੱਕਜੁੱਟ ਹੋ ਕੇ ਲੜਾਈ ਲੜਨਗੇ। ਇਸ ਤੋਂ ਬਾਅਦ, ਸਮੂਹ ਆਗੂ ਅਤੇ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਇਸ ਦੌਰਾਨ ਮੀਟਿੰਗ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਨੇ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੀ ਸਮੂਹ ਲੀਡਰਸ਼ਿਪ, ਬਲਾਕਾ ਦੇ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਨਗਰ ਕੌਂਸਲ ਪ੍ਰਧਾਨ, ਮਹਿਲਾ ਕਾਂਗਰਸ, ਯੂਥ ਕਾਂਗਰਸ, ਕੌਂਸਲਰ, ਸਰਪੰਚ, ਪੰਚ, ਕਾਂਗਰਸ ਪਾਰਟੀ ਦੇ ਸਮੂਹ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।