ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਵੱਲੋਂ ਰੋਸ ਧਰਨਾ ਬਿਜਲੀ ਸੰਕਟ ਨੂੰ ਲੈ ਕੇ ਕਾਂਗਰਸ ਵੱਲੋਂ ਰੋਸ ਧਰਨਾ, ਨਾਗਰਾ ਦੀ ਅਗਵਾਈ ’ਚ ਵਰਕਰ ਹੋਏ ਸ਼ਾਮਲ
Publish Date: Mon, 14 Sep 2026 05:50 PM (IST)
Updated Date: Mon, 14 Sep 2026 05:53 PM (IST)
ਫ਼ੋਟੋ ਫ਼ਾਈਲ : 11 ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਹੋਰ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਪੰਜਾਬ ’ਚ ਚੱਲ ਰਹੇ ਗੰਭੀਰ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਸਰਕਾਰ ਖ਼ਿਲਾਫ਼ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ’ਚ ਹਲਕਾ ਫਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦੇ ਕੋ-ਚੇਅਰਮੈਨ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਲ ਹੋਏ। ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸੂਬੇ ’ਚ ਬਿਜਲੀ ਦੀ ਮਾੜੀ ਸਪਲਾਈ ਕਾਰਨ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਫ਼ਸਲਾਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਬਹੁਤ ਜ਼ਰੂਰੀ ਹੈ, ਪਰ ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨਾਂ ਦੇ ਨਾਲ-ਨਾਲ ਛੋਟੇ ਵਪਾਰੀਆਂ ਅਤੇ ਉਦਯੋਗਾਂ ਦਾ ਕੰਮਕਾਜ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਨਾਗਰਾ ਨੇ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਖੇਤਰ ’ਚ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਲੋਕਾਂ ਨੂੰ ਅਣਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਰਕਾਰ ਇਸ ਗੰਭੀਰ ਸਮੱਸਿਆ ਦਾ ਹੱਲ ਕਰਨ ’ਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ, ਵਪਾਰੀਆਂ, ਉਦਯੋਗਾਂ ਅਤੇ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਇਸ ਸੰਕਟ ਨੂੰ ਦੂਰ ਕਰਨ ਲਈ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਲੋਕਾਂ ਦੇ ਹੱਕਾਂ ਲਈ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੀ ਰਹੇਗੀ ਅਤੇ ਜਦੋਂ ਤੱਕ ਲੋਕਾਂ ਨੂੰ ਰਾਹਤ ਨਹੀਂ ਮਿਲਦੀ, ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਹਲਕਾ ਫਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।