ਸੰਗਰੂਰ ਰੈਲੀ ਦੀਆਂ ਤਿਆਰੀਆਂ ਲਈ ਕਾਂਗਰਸੀ ਆਗੂਆਂ ਨੇ ਲਗਾਈਆਂ ਡਿਊਟੀਆਂ ਸੰਗਰੂਰ ਰੈਲੀ ਦੀਆਂ ਤਿਆਰੀਆਂ ਲਈ ਕਾਂਗਰਸੀ ਆਗੂਆਂ ਨੇ ਲਗਾਈਆਂ ਡਿਊਟੀਆਂ
Publish Date: Thu, 29 Oct 2026 05:32 PM (IST)
Updated Date: Thu, 29 Oct 2026 05:34 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਕਾਂਗਰਸੀ ਆਗੂਆਂ, ਵਰਕਰਾਂ ਅਤੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸਹਿ-ਇੰਚਾਰਜ ਹੀਨਾ ਕਾਵੜੇ ਦੀ ਅਗਵਾਈ ਹੇਠ ਕਾਂਗਰਸ ਦਫ਼ਤਰ ਸਰਹਿੰਦ ਵਿਖੇ ਹੋਈ। ਇਸ ਦੌਰਾਨ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਡਾ. ਅਮਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ, ਜਿਸ ਨੇ ਦੇਸ਼ ਦੀ ਆਜ਼ਾਦੀ ਅਤੇ ਰਾਖੀ ਲਈ ਹਮੇਸ਼ਾ ਮੋਹਰੀ ਹੋ ਕੇ ਕੁਰਬਾਨੀਆਂ ਦਿੱਤੀਆਂ, ਅੱਜ ਨਸ਼ਿਆਂ ਅਤੇ ਗੈਂਗਸਟਰਵਾਦ ਦੇ ਗੰਭੀਰ ਸੰਕਟ ਨਾਲ ਜੂਝ ਰਹੀ ਹੈ। ਸੂਬੇ ’ਚ ਆਮ ਲੋਕਾਂ, ਵਪਾਰੀਆਂ ਅਤੇ ਕਾਰੋਬਾਰੀਆਂ ਅੰਦਰ ਸੁਰੱਖਿਆ ਨੂੰ ਲੈ ਕੇ ਚਿੰਤਾ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦੱਸੇ ਕਿ ਨਸ਼ਿਆਂ ਦਾ ਕਾਰੋਬਾਰ ਠੱਲ੍ਹਣ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਦਾਅਵਿਆਂ ਦਾ ਕੀ ਬਣਿਆ। ਸਰਕਾਰ ਨੂੰ ਲੋਕਾਂ ਦੀ ਸੁਰੱਖਿਆ ਅਤੇ ਨੌਜਵਾਨਾਂ ਦੇ ਭਵਿੱਖ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਥਾਂ ਜਵਾਬਦੇਹ ਬਣਨਾ ਚਾਹੀਦਾ ਹੈ। ਹੀਨਾ ਕਾਵੜੇ ਨੇ ਕਿਹਾ ਕਿ 4 ਨਵੰਬਰ ਦੀ ਸੰਗਰੂਰ ਰੈਲੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦਾ ਅਹਿਮ ਮੌਕਾ ਹੈ। ਕਾਂਗਰਸ ਆਗੂ ਅਤੇ ਵਰਕਰ ਪੂਰੀ ਤਨਦੇਹੀ ਨਾਲ ਰੈਲੀ ਦੀ ਤਿਆਰੀ ’ਚ ਜੁੱਟੇ ਹੋਏ ਹਨ ਅਤੇ ਸੂਬੇ ਭਰ ਤੋਂ ਵੱਡੀ ਗਿਣਤੀ ’ਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਲੋਕਾਂ ਦੇ ਹੱਕਾਂ, ਸੰਵਿਧਾਨ ਦੀ ਰੱਖਿਆ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਲੜਾਈ ਲੜ ਰਹੇ ਹਨ, ਜਿਸ ਲਈ ਸਾਰਿਆਂ ਦਾ ਇਕਜੁੱਟ ਹੋਣਾ ਲਾਜ਼ਮੀ ਹੈ। ਮੀਟਿੰਗ ਦੌਰਾਨ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ’ਚ ਕਥਿਤ ਬੇਨਿਯਮੀਆਂ ਦੇ ਮੁੱਦੇ ’ਤੇ ਵੀ ਚਰਚਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਲੋਕਤੰਤਰ ’ਚ ਹਰ ਨਾਗਰਿਕ ਦੀ ਵੋਟ ਬੇਹੱਦ ਕੀਮਤੀ ਹੈ ਅਤੇ ਕਿਸੇ ਵੀ ਵੋਟਰ ਦੇ ਹੱਕ ਨੂੰ ਖੋਹਣ ਜਾਂ ਭਰੋਸੇਯੋਗਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਲੋਕਤੰਤਰ ਲਈ ਗੰਭੀਰ ਚੁਣੌਤੀ ਹੈ। ਕਾਂਗਰਸ ਪਾਰਟੀ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਦੌਰਾਨ ਆਗੂਆਂ ਅਤੇ ਵਰਕਰਾਂ ਦੀਆਂ ਰੈਲੀ ਨੂੰ ਸਫ਼ਲ ਬਣਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਅਤੇ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਖੰਨਾ ਲਖਵੀਰ ਸਿੰਘ ਲੱਖਾ, ਕਾਮਿਲ ਅਮਰ ਸਿੰਘ ਰਾਏਕੋਟ, ਵਿਕਰਮਜੀਤ ਸਿੰਘ ਬਾਜਵਾ ਸਾਹਨੇਵਾਲ, ਰੁਪਿੰਦਰ ਸਿੰਘ ਰਾਜਾ ਗਿੱਲ ਸਮਰਾਲਾ, ਜ਼ਿਲ੍ਹਾ ਪ੍ਰਧਾਨ ਫਤਹਿਗੜ੍ਹ ਸਾਹਿਬ ਸੁਰਿੰਦਰ ਸਿੰਘ ਰਾਮਗੜ੍ਹ ਸਮੇਤ ਸਮੂਹ ਪਾਰਟੀ ਅਹੁਦੇਦਾਰ, ਬਲਾਕ ਪ੍ਰਧਾਨ ਅਤੇ ਮੰਡਲ ਪ੍ਰਧਾਨ ਮੌਜੂਦ ਸਨ।