ਕਾਂਗਰਸ ਮਨਰੇਗਾ ਵਰਕਰਾਂ ਦੇ ਨਾਲ ਸੰਘਰਸ਼ ’ਚ ਮਜ਼ਬੂਤੀ ਨਾਲ ਖੜ੍ਹੀ : ਨਾਗਰਾ ਕਾਂਗਰਸ ਪਾਰਟੀ ਮਨਰੇਗਾ ਵਰਕਰਾਂ ਦੇ ਨਾਲ ਸੰਘਰਸ਼ ’ਚ ਮਜ਼ਬੂਤੀ ਨਾਲ ਖੜ੍ਹੀ ਹੈ : ਨਾਗਰਾ
Publish Date: Thu, 16 Jul 2026 06:44 PM (IST)
Updated Date: Fri, 17 Jul 2026 04:07 AM (IST)
ਪੁਲਿਸ ਕਾਰਵਾਈ ’ਚ ਜ਼ਖ਼ਮੀ ਵਰਕਰਾਂ ਦਾ ਹਾਲ-ਚਾਲ ਪੁੱਛਿਆ ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਖੰਨਾ ਦੇ ਸਿਵਲ ਹਸਪਤਾਲ ਪਹੁੰਚ ਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਦੀ ਰਿਹਾਇਸ਼ ਬਾਹਰ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਪੁਲਿਸ ਕਾਰਵਾਈ ’ਚ ਜ਼ਖ਼ਮੀ ਹੋਏ ਮਨਰੇਗਾ ਵਰਕਰਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਇਸ ਸੰਘਰਸ਼ ’ਚ ਮਨਰੇਗਾ ਵਰਕਰਾਂ ਦੇ ਨਾਲ ਖੜ੍ਹੀ ਹੈ। ਨਾਗਰਾ ਨੇ ਪੁਲਿਸ ਵੱਲੋਂ ਛੱਡੇ ਗਏ ਗੋਲੇ ਦੀ ਚਪੇਟ ’ਚ ਆਉਣ ਕਾਰਨ ਗੰਭੀਰ ਜ਼ਖ਼ਮੀ ਹੋਏ ਜੀਆਰਐੱਸ ਸੁਦਾਗਰ ਸਿੰਘ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦੀ ਲੱਤ ਦੋ ਥਾਵਾਂ ਤੋਂ ਟੁੱਟਣ ਕਾਰਨ ਆਪ੍ਰੇਸ਼ਨ ਕੀਤਾ ਗਿਆ ਹੈ। ਨਾਗਰਾ ਨੇ ਡਾਕਟਰਾਂ ਤੋਂ ਉਨ੍ਹਾਂ ਦੀ ਸਿਹਤ ਸਬੰਧੀ ਜਾਣਕਾਰੀ ਲਈ ਅਤੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ 18 ਸਾਲਾਂ ਤੋਂ ਪਿੰਡਾਂ ਦੇ ਵਿਕਾਸ ’ਚ ਅਹਿਮ ਯੋਗਦਾਨ ਪਾਉਣ ਵਾਲੇ ਮਨਰੇਗਾ ਵਰਕਰਾਂ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਨੂੰ ਪੱਕਾ ਕਰਨਾ, ਬਕਾਇਆ ਤਨਖ਼ਾਹਾਂ ਜਾਰੀ ਕਰਨਾ ਅਤੇ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪਰ ਇਸ ਦੇ ਉਲਟ ਸਰਕਾਰ ਨੇ ਸ਼ਾਂਤਮਈ ਵਰਕਰਾਂ ’ਤੇ ਲਾਠੀਚਾਰਜ ਅਤੇ ਗੋਲੇ ਵਰਤ ਕੇ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਘਾਣ ਕੀਤਾ ਹੈ, ਜੋ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਗੱਲਬਾਤ ਕਰਨ ਦੀ ਬਜਾਏ ਪੁਲਿਸ ਦੇ ਜ਼ੋਰ ਨਾਲ ਲੋਕਾਂ ਦੀ ਆਵਾਜ਼ ਦਬਾ ਰਹੀ ਹੈ। ਨਾਗਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਨਰੇਗਾ ਵਰਕਰਾਂ ਦੀਆਂ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਜ਼ਖ਼ਮੀਆਂ ਦਾ ਸਰਕਾਰੀ ਖ਼ਰਚੇ ’ਤੇ ਇਲਾਜ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਅਨਿਆਇ ਦੇ ਖ਼ਿਲਾਫ਼ ਅਤੇ ਮਨਰੇਗਾ ਵਰਕਰਾਂ ਦੇ ਹੱਕਾਂ ਲਈ ਹਰ ਪੱਧਰ ’ਤੇ ਲੜਾਈ ਲੜੇਗੀ। ਇਸ ਮੌਕੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ, ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ, ਹਰਦੀਪ ਸਿੰਘ ਹੈਪੀ, ਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ, ਚਰਨਜੀਤ ਸਿੰਘ, ਸਵਰਨ ਸਿੰਘ, ਕਰਨਵੀਰ ਸਿੰਘ, ਹਰਜੀਤ ਸਿੰਘ, ਸੁਖਚੈਨ ਸਿੰਘ ਅਤੇ ਜਗਨ ਨਾਥ ਹਾਜ਼ਰ ਸਨ।