ਲੋਕਾਂ ਦੇ ਹੱਕਾਂ ਲਈ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ : ਨਾਗਰਾ
ਲੋਕਾਂ ਦੇ ਹੱਕਾਂ ਲਈ ਕਾਂਗਰਸ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ: ਕੁਲਜੀਤ ਸਿੰਘ ਨਾਗਰਾ
Publish Date: Wed, 25 Mar 2026 05:55 PM (IST)
Updated Date: Wed, 25 Mar 2026 05:58 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਖੇੜਾ ਦੇ ਪਿੰਡ ਹਰੀਪੁਰ ਵਿਖੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸੰਪਰਕ ਵਧਾਉਣ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਹੱਕਾਂ ਲਈ ਖੜ੍ਹੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉੱਪਰਲੇ ਪੱਧਰ ਤੱਕ ਪਹੁੰਚਾਉਣ। ਉਨ੍ਹਾਂ ਨੇ ਮੌਜੂਦਾ ਸਰਕਾਰ ਦੀਆਂ ਨੀਤੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਜਨਤਾ ਮਹਿੰਗਾਈ, ਬੇਰੁਜ਼ਗਾਰੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੀ ਹੈ, ਪਰ ਸਰਕਾਰ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਤੋਂ ਧਿਆਨ ਹਟਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣਕੇ ਉਨ੍ਹਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਗੇ ਵੀ ਇਹ ਸੰਘਰਸ਼ ਜਾਰੀ ਰਹੇਗਾ। ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਨਾਲ ਵਰਕਰਾਂ ਵਿੱਚ ਨਵੀਂ ਊਰਜਾ ਪੈਦਾ ਹੁੰਦੀ ਹੈ ਅਤੇ ਪਾਰਟੀ ਹੋਰ ਮਜ਼ਬੂਤ ਬਣਦੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਹਲਕੇ ਦੇ ਹਰ ਵਰਗ ਦੇ ਲੋਕਾਂ ਨਾਲ ਖੜ੍ਹੇ ਰਹਿਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਉਪਲਬਧ ਰਹਿਣਗੇ। ਇਸ ਮੌਕੇ ਮਾਸਟਰ ਰਵਿੰਦਰ ਸਿੰਘ ਹਰੀਪੁਰ, ਸਾਬਕਾ ਸਰਪੰਚ ਗੁਰਵਰਿੰਦਰ ਸਿੰਘ ਭਗੜਾਣਾ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਮਨਦੀਪ ਸਿੰਘ ਖੇੜਾ, ਕੁਲਵੀਰ ਭੰਗੂ, ਹਰਦੀਪ ਸਿੰਘ ਤਿੰਬਰਪੁਰ, ਸੁਖਵੀਰ ਸਿੰਘ, ਇੰਦਰਜੀਤ ਸਿੰਘ ਸਿੱਧੜਾ, ਸੋਨੀ ਚੋਲਟੀ ਖੇੜੀ, ਹਰਬੰਸ ਸਿੰਘ, ਰਣਧੀਰ ਸਿੰਘ, ਨਰਿੰਦਰ ਸਿੰਘ ਸਾਬਕਾ ਸਰਪੰਚ, ਪ੍ਰਗਟ ਸਿੰਘ ਸਾਬਕਾ ਸਰਪੰਚ, ਪਰਵਿੰਦਰ ਸਿੰਘ, ਰਮਨਦੀਪ ਸਿੰਘ, ਮੇਵਾ ਸਿੰਘ ਬਰਾਸ, ਲਾਡੀ ਬਰਾਸ ਤੇ ਹੋਰ ਪਤਵੰਤੇ ਮੌਜੂਦ ਸਨ।