- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਾਂ ’ਚ ਕਥਿਤ ਹੇਰਾਫੇਰੀ ਖ਼ਿਲਾਫ਼ ਕਾਂਗਰਸ ਵੱਲੋਂ ਡੀਸੀ ਕੰਪਲੈਕਸ ਬਾਹਰ ਰੋਸ ਧਰਨਾ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਆਲ ਇੰਡੀਆ ਕਾਂਗਰਸ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੀ ਅਗਵਾਈ ਹੇਠ ਡੀਸੀ ਕੰਪਲੈਕਸ ਬਾਹਰ ਕੇਂਦਰ ਸਰਕਾਰ ਅਤੇ ਚੋਣ ਪ੍ਰਕਿਰਿਆ ’ਚ ਕਥਿਤ ਹੇਰਾਫੇਰੀ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਅਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ। ਧਰਨੇ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਲੋਕਤੰਤਰ ਵੋਟ ਦੇ ਹੱਕ ’ਤੇ ਟਿਕਿਆ ਹੋਇਆ ਹੈ। ਵੋਟ ਚੋਰੀ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਲੋਕਾਂ ਦਾ ਚੋਣ ਪ੍ਰਣਾਲੀ ’ਤੇ ਭਰੋਸਾ ਬਣਿਆ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਤੰਤਰ ਅਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਡਟ ਕੇ ਆਵਾਜ਼ ਬੁਲੰਦ ਕਰਦੀ ਰਹੇਗੀ। ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਵੋਟ ਦੀ ਪਵਿੱਤਰਤਾ ’ਤੇ ਉੱਠੇ ਸਵਾਲਾਂ ਦਾ ਜਵਾਬ ਕੇਂਦਰ ਸਰਕਾਰ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਤੱਥਾਂ ਸਮੇਤ ਦੇਣਾ ਚਾਹੀਦਾ ਹੈ। ਉਨ੍ਹਾਂ ਚੋਣ ਬੇਨਿਯਮੀਆਂ ਦੀ ਜਾਂਚ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਸਮੇਤ ਜ਼ਿਲ੍ਹੇ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ, ਬਲਾਕ ਪ੍ਰਧਾਨ, ਅਹੁਦੇਦਾਰ ਅਤੇ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।