ਕੰਟਰੈਕਟ ਅਧਿਆਪਕਾਂ ਨੇ ਮੁੱਖ ਮੰਤਰੀ ਤੇ ਵਾਈਸ ਚਾਂਸਲਰ ਦਾ ਫੂਕਿਆ ਪੁਤਲਾ ਕੰਟਰੈਕਟ ਅਧਿਆਪਕਾਂ ਨੇ ਮੁੱਖ ਮੰਤਰੀ ਅਤੇ ਵਾਈਸ ਚਾਂਸਲਰ ਦਾ ਫੂਕਿਆ ਪੁਤਲਾ
Publish Date: Tue, 15 Sep 2026 05:47 PM (IST)
Updated Date: Tue, 15 Sep 2026 05:50 PM (IST)
ਫ਼ੋਟੋ ਫ਼ਾਈਲ : 9 ਰੋਸ ਦਾ ਪ੍ਰਗਟਾਵਾ ਕਰਦੇ ਹੋਏ ਕੰਟਰੈਕਟ ਅਧਿਆਪਕ। ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਕੰਟਰੈਕਟ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਪੁਤਲਾ ਫੂਕਿਆ ਗਿਆ। ਸਬੰਧਤ ਸਹਾਇਕ ਪ੍ਰੋਫ਼ੈਸਰ ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚੂਐਂਟ ਕਾਲਜਾਂ, ਨੇਬਰਹੁਡ ਕੈਂਪਸਾਂ ਅਤੇ ਰੀਜਨਲ ਸੈਂਟਰਾਂ ’ਚ ਪਿਛਲੇ 15 ਸਾਲਾਂ ਤੋਂ ਕੰਟਰੈਕਟ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਾਲ 2022 ’ਚ ਯੂਜੀਸੀ ਵੱਲੋਂ 2018 ’ਚ ਪ੍ਰਵਾਨਿਤ ਰੈਗੂਲੇਸ਼ਨ ਰੈਗੂਲਰ, ਐਡਹਾਕ ਅਤੇ ਗੈਸਟ ਫੈਕਲਟੀ ’ਤੇ ਲਾਗੂ ਕਰ ਦਿੱਤਾ ਗਿਆ, ਪ੍ਰੰਤੂ ਕੰਟਰੈਕਟ ਅਧਿਆਪਕਾਂ ਨੂੰ ਇਸ ਦਾ ਕੋਈ ਲਾਭ ਨਹੀਂ ਦਿੱਤਾ ਗਿਆ। ਜਿਸ ਦੇ ਖ਼ਿਲਾਫ਼ ਕੰਟਰੈਕਟ ਅਧਿਆਪਕਾਂ ਨੇ ਅਦਾਲਤ ਦਾ ਰੁਖ਼ ਕੀਤਾ ਸੀ। ਹਾਈਕੋਰਟ ਵੱਲੋਂ ਕੇਸ ਜਿੱਤਣ ਦੇ ਬਾਵਜੂਦ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਆਪਣੀਆਂ ਹੱਕੀ ਮੰਗਾਂ ਸਬੰਧੀ ਕੰਟਰੈਕਟ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਤੱਕ ਵੀ ਪਹੁੰਚ ਕੀਤੀ ਗਈ, ਪਰ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਕਾਰਨ ਵਿਦਿਆਰਥੀਆਂ ਦਾ ਵੱਡੇ ਪੱਧਰ ’ਤੇ ਵਿੱਦਿਅਕ ਨੁਕਸਾਨ ਹੋ ਰਿਹਾ ਹੈ। ਯੂਨੀਵਰਸਿਟੀ ਦੇ ਵੱਖ-ਵੱਖ ਅਦਾਰਿਆਂ ’ਚ ਕਲਾਸਾਂ ਨਾ ਲੱਗਣ ਕਾਰਨ ਪ੍ਰੀਖਿਆਵਾਂ ਦਾ ਸਿਲੇਬਸ ਪੂਰਾ ਨਹੀਂ ਹੋ ਸਕਿਆ। ਇਸ ਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਦੇ ਸਾਲ 2026-27 ਦੇ ਯੁਵਕ ਮੇਲੇ ਦੀਆਂ ਤਿਆਰੀਆਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਹਨ ਅਤੇ ਖੇਡ ਗਤੀਵਿਧੀਆਂ ’ਤੇ ਵੀ ਇਸ ਦਾ ਮਾੜਾ ਅਸਰ ਪੈ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜਦੋਂ ਤੱਕ ਉਨ੍ਹਾਂ ਨੂੰ ਬਣਦਾ ਹੱਕ ਨਹੀਂ ਮਿਲਦਾ, ਸੰਘਰਸ਼ ਲਗਾਤਾਰ ਜਾਰੀ ਰਹੇਗਾ।