ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ : ਸਿਹਤ ਵਿਭਾਗ ਦੀ ਸ਼ੁੱਕਰਵਾਰ ਨੂੰ ਆਈ ਕੋਰੋਨਾ ਰਿਪੋਰਟ 'ਚ 10 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ, ਜਿਨ੍ਹਾਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਭੇਜਿਆ ਗਿਆ ਹੈ। ਉਕਤ ਵਿਅਕਤੀਆਂ ਸਮੇਤ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਗਿਣਤੀ 2780 ਹੋ ਗਈ ਹੈ, ਜਦਕਿ ਕੋਰੋਨਾ ਨਾਲ 113 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਮੂੰਹ ਤੇ ਨੱਕ ਰੁਮਾਲ ਜਾਂ ਮਾਸਕ ਨਾਲ ਢੱਕ ਕੇ ਰੱਖਣ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣ। ਜ਼ਿਲ੍ਹੇ 'ਚ ਕੋਰੋਨਾ ਦੇ ਕੇਸ ਵਧਣ ਕਾਰਨ ਜਿੱਥੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉਥੇ ਵਿਦਿਆਰਥੀਆਂ ਦੇ ਮਾਪੇ ਵੀ ਚਿੰਤਤ ਹਨ।