- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਬੀਯੂ ਦੇ ਨਰਸਿੰਗ ਫੈਕਲਟੀ ਵੱਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੀ ਨਰਸਿੰਗ ਫੈਕਲਟੀ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ : ਅਧਿਆਤਮਿਕ ਗਿਆਨ ਨੂੰ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ, ਹਮਦਰਦੀ ਭਰੀ ਨਰਸਿੰਗ ਸੇਵਾ ਅਤੇ ਨਿਸ਼ਕਾਮ ਸੇਵਾ ਨਾਲ ਜੋੜਨਾ’ ਵਿਸ਼ੇ ਅਧੀਨ ਕਰਵਾਏ ਗਏ ਇਸ ਸਮਾਗਮ ’ਚ ਵਾਤਾਵਰਣ ਦੀ ਸੰਭਾਲ, ਦਇਆ, ਬਰਾਬਰੀ, ਮਨੁੱਖਤਾ ਅਤੇ ਨਿਸ਼ਕਾਮ ਸੇਵਾ ਸਬੰਧੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਉਜਾਗਰ ਕੀਤਾ ਗਿਆ। ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ ਅਤੇ ਉਪ-ਕੁਲਪਤੀ ਪ੍ਰੋ. (ਡਾ.) ਹਰਸ਼ ਸਦਾਵਰਤੀ ਦੇ ਮਾਰਗਦਰਸ਼ਨ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦੀ ਅਗਵਾਈ ਨਰਸਿੰਗ ਫੈਕਲਟੀ ਦੀ ਪ੍ਰਿੰਸੀਪਲ ਡਾ. ਲਵਸੰਪੂਰਨਜੋਤ ਕੌਰ ਨੇ ਕੀਤੀ, ਜਦਕਿ ਡਿਪਟੀ ਡਾਇਰੈਕਟਰ ਡਾ. ਪ੍ਰਭਜੋਤ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ।
ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਾਤਾਵਰਣ ਪੱਖੀ ਜੀਵਨ-ਜਾਚ ਅਪਣਾਉਣ, ਸਫ਼ਾਈ ਰੱਖਣ, ਬੂਟੇ ਲਗਾਉਣ, ਕੁਦਰਤੀ ਸੋਮਿਆਂ ਦੀ ਸੁਚੱਜੀ ਵਰਤੋਂ ਕਰਨ ਅਤੇ ਹਮਦਰਦੀ ਤੇ ਪਿਆਰ ਨਾਲ ਮਰੀਜ਼ਾਂ ਦੀ ਦੇਖਭਾਲ ਕਰਦਿਆਂ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਗਿਆ।