ਡੀਸੀ ਨੇ ਵਿਕਾਸ ਕਾਰਜਾਂ ਅਤੇ ਵਿਭਾਗੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ
ਡੀਸੀ ਨੇ ਵਿਕਾਸ ਕਾਰਜਾਂ ਅਤੇ ਵਿਭਾਗੀ ਕਾਰਗੁਜਾਰੀ ਦਾ ਜਾਇਜ਼ਾ ਲਿਆ
Publish Date: Tue, 10 Mar 2026 05:28 PM (IST)
Updated Date: Tue, 10 Mar 2026 05:30 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਦੀ ਸਮੀਖਿਆ ਲਈ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿੰਗ ਇੰਤਕਾਲ, ਜਮ੍ਹਾਂਬੰਦੀ, ਕੋਰਟ ਕੇਸਾਂ ਅਤੇ ਆਡਿਟ ਪੈਰਿਆਂ ਨੂੰ ਸਮਾਂਬੱਧ ਤਰੀਕੇ ਨਾਲ ਨਿਪਟਾਉਣ ਦੇ ਸਖਤ ਆਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਨੂੰ ਰੋਜ਼ਾਨਾ ਵਿਭਾਗੀ ਕੰਮਾਂ ਦੀ ਆਪਣੇ ਪੱਧਰ ’ਤੇ ਸਮੀਖਿਆ ਕਰਨ ਦੀ ਹਿਦਾਇਤ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਬਰਸਾਤਾਂ ਤੋਂ ਪਹਿਲਾਂ ਸੀਵਰੇਜ ਸਿਸਟਮ ਦੀ ਸਫ਼ਾਈ ਮੁਕੰਮਲ ਕਰਨ, ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪਾਈਪ ਲਾਈਨਾਂ ਤੇ ਟੈਂਕੀਆਂ ਦਾ ਨਿਰੰਤਰ ਨਿਰੀਖਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਪਿੰਡ ਪੱਧਰ ’ਤੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਅਤੇ ਮੁਕੰਮਲ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕੋਲ ਭੇਜਣ ਲਈ ਕਿਹਾ। ਉਨ੍ਹਾਂ ਬੀਡੀਪੀਓਜ਼ ਨੂੰ ਮਨਰੇਗਾ ਕਾਮਿਆਂ ਦੀ 31 ਮਾਰਚ ਤੱਕ ਈਕੇਵਾਈਸੀ ਲਾਜ਼ਮੀ ਕਰਵਾਉਣ ਅਤੇ ਪੇਂਡੂ ਖੇਤਰ ਦੇ ਕਾਰਜਾਂ ਦੀ ਜੀਊ ਟੈਗਿੰਗ ਕਰਵਾਉਣ ਦੀ ਹਦਾਇਤ ਕੀਤੀ। ਪ੍ਰਧਾਨ ਮੰਤਰੀ ਆਵਾਸ ਗ੍ਰਾਮੀਣ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਦੂਜੀ ਤੇ ਤੀਜੀ ਕਿਸ਼ਤ ਸਮੇਂ ਸਿਰ ਜਾਰੀ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਯੋਗ ਲਾਭਪਾਤਰੀਆਂ ਦੇ ਘਰ ਬਿਨਾਂ ਦੇਰੀ ਮੁਕੰਮਲ ਹੋ ਸਕਣਗੇ। ਇਸ ਤੋਂ ਇਲਾਵਾ ਉਨ੍ਹਾਂ ਵਾਟਰ ਟਰੀਟਮੈਂਟ ਪਲਾਂਟਾਂ (ਨਹਿਰੀ ਪਾਣੀ) ਦੇ ਕੰਮ ਨੂੰ ਪਹਿਲਕਦਮੀ ਨਾਲ ਪੂਰਾ ਕਰਨ, ਪੀਣ ਵਾਲੇ ਪਾਣੀ ਦੀ ਨਿਯਮਤ ਸੈਂਪਲਿੰਗ ਯਕੀਨੀ ਬਣਾਉਣ, ਨਜ਼ਾਇਜ਼ ਪਾਣੀ ਕੁਨੈਕਸ਼ਨਾਂ ਖਿਲਾਫ ਕਾਰਵਾਈ ਅਤੇ ਪ੍ਰਾਪਰਟੀ ਟੈਕਸ ਨਾ ਭਰਨ ਵਾਲਿਆਂ ਵਿਰੁੱਧ ਮਿਊਂਸੀਪਲ ਐਕਟ ਅਨੁਸਾਰ ਕਾਰਵਾਈ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸਡੀਐੱਮਫਤਹਿਗੜ੍ਹ ਸਾਹਿਬ ਸੂਬਾ ਸਿੰਘ, ਐੱਸਡੀਐੱਮਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐੱਸਡੀਐੱਮਬਸੀ ਪਠਾਣਾ ਹਰਵੀਰ ਕੌਰ, ਐੱਸਡੀਐੱਮਅਮਲੋਹ ਚਰਨਜੋਤ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਸੰਕਰ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।