- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਕੂਲਾਂ ਦੀ ਚੈਕਿੰਗ, ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਅਨਿਲ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੀ ਅਗਵਾਈ ਹੇਠ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਜੋਤ ਕੌਰ ਨੇ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਜ਼ਿਲ੍ਹਾ ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਨਵਨੀਤ ਕੌਰ ਨੇ ਮਾਤਾ ਗੁਜਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਆਪੋ-ਆਪਣੇ ਖੇਤਰ ਦੇ ਸਕੂਲਾਂ ’ਚ ਮੱਛਰ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਮੌਕੇ ’ਤੇ ਮਿਲੇ ਲਾਰਵੇ ਨੂੰ ਨਸ਼ਟ ਕਰਵਾਇਆ। ਡਾ. ਪ੍ਰਭਜੋਤ ਕੌਰ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਡੇਂਗੂ ਦਾ ਮੱਛਰ 7 ਤੋਂ 10 ਦਿਨਾਂ ’ਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਟੁੱਟੇ ਭਾਂਡਿਆਂ, ਫਰਿੱਜ ਦੀਆਂ ਟਰੇਆਂ ਅਤੇ ਟਾਇਰਾਂ ’ਚ ਪਾਣੀ ਜਮ੍ਹਾਂ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਸਰੀਰ ਢੱਕਣ ਵਾਲੇ ਕੱਪੜੇ ਪਹਿਨਣ, ਮੱਛਰ ਭਜਾਊ ਕਰੀਮਾਂ ਅਤੇ ਮੱਛਰਦਾਨੀ ਦੀ ਵਰਤੋਂ ਕਰਨ ਸਮੇਤ ਸਰਕਾਰੀ ਹਸਪਤਾਲਾਂ ’ਚ ਉਪਲਬਧ ਮੁਫ਼ਤ ਡੇਂਗੂ ਟੈਸਟ ਤੇ ਇਲਾਜ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿਹਤ ਸੁਪਰਵਾਈਜ਼ਰ ਰਸ਼ਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਮਨਜਿੰਦਰ ਸਿੰਘ, ਤੇਜਿੰਦਰ ਸਿੰਘ, ਬਲਵਿੰਦਰ ਸਿੰਘ, ਇਨਸੈਕਟ ਕੁਲੈਕਟਰ ਮਨਦੀਪ ਕੌਰ, ਬਰੀਡਿੰਗ ਚੈੱਕਰ ਜਗਮੋਹਨ ਸਿੰਘ, ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।