- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਗਰੂਕ ਹੋ ਕੇ ਹੀ ਡੇਂਗੂ ਤੋਂ ਬਚਿਆ ਜਾ ਸਕਦਾ ਹੈ : ਡਾ. ਬੇਦੀ

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਸਿਵਲ ਸਰਜਨ ਫਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਅਤੇ ਹੌਟਸਪਾਟ ਖੇਤਰਾਂ ’ਚ ਡੇਂਗੂ ਵਿਰੋਧੀ ਗਤੀਵਿਧੀਆਂ ਚਲਾਈਆਂ ਗਈਆਂ। ਇਸ ਦੌਰਾਨ ਹਸਪਤਾਲ ’ਚ ਇਲਾਜ ਕਰਵਾਉਣ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਜਾਣਕਾਰੀ ਦਿੰਦਿਆਂ ਐੱਸਐੱਮਓ ਡਾ. ਜਸਪ੍ਰੀਤ ਸਿੰਘ ਬੇਦੀ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਸਾਫ਼ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ। ਮੱਛਰਾਂ ਦੀ ਪੈਦਾਇਸ਼ ਰੋਕਣ ਲਈ ਘਰਾਂ ਅਤੇ ਆਲੇ-ਦੁਆਲੇ ਕੂਲਰਾਂ, ਗ਼ਮਲਿਆਂ, ਟੁੱਟੇ ਭੱਜੇ ਭਾਂਡਿਆਂ ਤੇ ਫ਼ਰਿੱਜ ਦੀਆਂ ਟਰੇਆਂ ’ਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਤੋਂ ਇਲਾਵਾ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਏ ਜਾਣ, ਮੱਛਰ ਭਜਾਊ ਕਰੀਮਾਂ ਅਤੇ ਰਾਤ ਨੂੰ ਸੌਂਦੇ ਸਮੇਂ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ’ਚ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਇਸ ਮੌਕੇ ਰਿਸਰਚ ਸਾਇੰਟਿਸਟ ਡਾ. ਸੰਪਨ ਅਤਰੀ, ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸ਼ੁਭਮ ਸੂਰੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਸਟਾਫ਼ ਨਰਸ ਦਲਜੀਤ ਕੌਰ, ਸਿਹਤ ਕਰਮਚਾਰੀ ਜਗਰੂਪ ਸਿੰਘ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।